ਮੁੱਖ ਮੰਤਰੀ ਕੈਪਟਨ ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਹੁਤ ਨਿਰਾਸ਼,ਪੁੱਛੇ 5 ਵੱਡੇ ਸਵਾਲ

ਕਿਸਾਨ ਯੂਨੀਅਨਾਂ ਪਾਸੋਂ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਫ਼ੈਸਲੇ ਦੀ ਉਮੀਦ ਸੀ : ਮੁੱਖ ਮੰਤਰੀ

ਮੁੱਖ ਮੰਤਰੀ ਕੈਪਟਨ ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਹੁਤ ਨਿਰਾਸ਼,ਪੁੱਛੇ 5 ਵੱਡੇ ਸਵਾਲ
ਕਿਸਾਨ ਯੂਨੀਅਨਾਂ ਪਾਸੋਂ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਫ਼ੈਸਲੇ ਦੀ ਉਮੀਦ ਸੀ : ਮੁੱਖ ਮੰਤਰੀ

ਚੰਡੀਗੜ੍ਹ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ 'ਤੇ ਹਟਾਉਣ ਤੋਂ ਇਨਕਾਰ ਕਰਨ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ 'ਤੇ ਪ੍ਰੇਸ਼ਾਨੀਆਂ ਦੇ ਨਾਲ-ਨਾਲ ਘਾਟੇ ਦਾ ਕਾਰਨ ਬਣਿਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਪੰਜਾਬ ਦੇ ਹਿੱਤ ਵਿੱਚ ਖਾਸ ਕਰਕੇ ਇਸ ਮੁੱਦੇ 'ਤੇ ਸੂਬਾ ਸਰਕਾਰ ਦੇ ਡਟਵੇਂ ਸਮਰਥਨ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦਾ ਰਾਹ ਤੋਰਨ ਦੇ ਫੈਸਲੇ ਦੇ ਮੱਦੇਨਜ਼ਰ ਕਿਸਾਨ ਯੂਨੀਅਨਾਂ ਆਪਣੀ ਦ੍ਰਿੜ ਪਹੁੰਚ ਤੋਂ ਪਿੱਛੇ ਹਟ ਜਾਣਗੀਆਂ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯਾਤਰੀ ਰੇਲਾਂ ਰੋਕਣ ਦੇ ਸਬੰਧ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਲਿਆ ਗਿਆ ਫੈਸਲਾ ਬਹੁਤ ਮੰਦਭਾਗਾ ਹੈ ਕਿਉਂ ਜੋ ਇਸ ਨਾਲ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਵੀ ਅੜਿੱਕਾ ਬਣਿਆ ਹੋਇਆ ਹੈ। 
 

ਕੈਪਟਨ ਨੇ ਕਿਸਾਨਾਂ ਸਾਹਮਣੇ ਰੱਖੇ 5 ਸਵਾਲ

1. ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਦੇ ਕਾਨੂੰਨ ਖਿਲਾਫ਼ ਬਿੱਲ ਲੈਕੇ ਆਏ, ਸੱਤਾ ਨੂੰ ਤਿਆਗਣ ਲਈ ਤਿਆਰ ਸੀ, ਇਨ੍ਹਾਂ ਸੰਕੇਤਾਂ ਦੇ ਗੱਡੀਆਂ ਨੂੰ ਇਜਾਜ਼ਤ ਨਾ ਦੇਣ ਉਤੇ ਦ੍ਰਿੜ ਹਨ ਕਿਉਂ ?

2. ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਕਰਕੇ ਇਕੱਲੇ ਉਦਯੋਗ ਨੂੰ ਪਹਿਲਾਂ ਹੀ 30,000 ਕਰੋੜ ਰੁਪਏ ਦਾ ਨੁਕਸਾਨ (ਅਜੇ ਵੀ ਜਾਰੀ) ਝੱਲਣਾ ਪਿਆ ਹੈ ਜਿਸ ਨੇ ਸੂਬੇ ਨੂੰ ਵੱਡੇ ਆਰਥਿਕ ਸੰਕਟ ਵਿੱਚ ਧੱਕ ਦਿੱਤਾ, ਇਕੱਲੇ ਲੁਧਿਆਣਾ ਅਤੇ ਜਲੰਧਰ ਵਿਚ ਉਦਯੋਗਾਂ ਨੂੰ 22,000 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਸੀ

3. ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਦੀ ਗੱਲ ਕਰੀਏ ਤਾਂ ਬਾਰਦਾਨੇ ਦੀਆਂ 60,000 ਬੋਰੀਆਂ ਦਿੱਲੀ ਅਤੇ ਰਾਜਪੁਰਾ ਵਿਚ ਫਸੀਆਂ ਹੋਈਆਂ ਹਨ ਜਿਸ ਨਾਲ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਫਸਲ ਦੀ ਚੁਕਾਈ 'ਤੇ ਅਸਰ ਪੈ ਰਿਹਾ ਹੈ। 

4. ਰੇਲ ਸੇਵਾਵਾਂ ਦੀ ਮੁਅੱਤਲੀ ਨਾਲ ਪੰਜਾਬ ਤੋਂ ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਤਹਿਤ ਵੰਡ ਲਈ 40 ਲੱਖ ਮੀਟ੍ਰਿਕ ਟਨ ਚੌਲਾਂ ਦੀ ਸਪਲਾਈ ਵੀ ਨਹੀਂ ਹੋ ਸਕੀ ਜਿਸ ਕਾਰਨ ਕੇਂਦਰ ਸਰਕਾਰ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਅਨਾਜ ਚੁੱਕਣ ਲੱਗੀ। ਉਨ੍ਹਾਂ ਸਵਾਲ ਕੀਤਾ ''ਜੇ ਕੇਂਦਰ ਸਰਕਾਰ ਇਸ ਨੂੰ ਕਾਨੂੰਨ ਬਣਾ ਦਿੰਦੀ ਹੈ ਤਾਂ ਕੀ ਹੋਵੇਗਾ? ਫਿਰ ਪੰਜਾਬ ਦੇ ਚੌਲਾਂ ਦਾ ਕੀ ਹੋਵੇਗਾ? ਸਾਡੇ ਕਿਸਾਨਾਂ ਦਾ ਕੀ ਬਣੇਗਾ।''

5. ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਹ ਸਮਝਣਾ ਪਏਗਾ ਕਿ ਉਨ੍ਹਾਂ ਦੀ ਨਿਰੰਤਰ ਨਾਕਾਬੰਦੀ ਨੇ ਪੰਜਾਬ ਦੇ ਆਮ ਕੰਮਕਾਜ 'ਤੇ ਰੋਕ ਲਾ ਦਿੱਤੀ ਹੈ ਜਿਸ ਨੂੰ ਮਹਾਂਮਾਰੀ ਕਰਕੇ ਪਹਿਲਾਂ ਹੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।