ਭਰਤ ਸ਼ਰਮਾ/ਲੁਧਿਆਣਾ : 26-27 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਹੈ,ਪਰ ਦਿੱਲੀ ਪੁਲਿਸ ਨੇ ਕਿਸਾਨਾਂ ਦੀ ਪ੍ਰਦਰਸ਼ਨ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ, ਲੁਧਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਰਸਤੇ ਵਿੱਚ ਰੌਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸੇ ਥਾਂ 'ਤੇ ਚੱਕਾ ਜਾਮ ਕਰ ਦੇਣਗੇ,ਕਿਸਾਨ ਯੂਨੀਅਨ ਕਾਦੀਆਂ ਨੇ ਕਿਹਾ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਇਸ 'ਤੇ ਵੱਡੀ ਰਣਨੀਤੀ ਬਣਾਈ ਜਾਵੇਗੀ
ਦਿੱਲੀ ਪੁਲਿਸ ਨੇ ਇਸ ਲਈ ਨਹੀਂ ਦਿੱਤੀ ਇਜਾਜ਼ਤ
ਦਿੱਲੀ ਪੁਲਿਸ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੀ ਅਰਜ਼ੀ ਨੂੰ ਇਸ ਲਈ ਖ਼ਾਰਜ ਕਰ ਦਿੱਤਾ ਸੀ ਕਿਉਂਕਿ ਪੁਲਿਸ ਦਾ ਕਹਿਣਾ ਸੀ ਕਿ ਦਿੱਲੀ ਕੋਰੋਨਾ ਦੇ ਮਾਮਲੇ ਲਗਾਤਾਰ ਵਧੇ ਹੋਏ ਨੇ,ਰਾਜਧਾਨੀ ਵਿੱਚ ਡਿਜਾਸਟਰ ਮੈਨੇਜਮੈਂਟ ਐਕਟ ਦੇ ਨਾਲ ਧਾਰਾ 144 ਵੀ ਲੱਗੀ ਹੋਈ ਹੈ,ਇੱਕ ਥਾਂ 'ਤੇ ਜ਼ਿਆਦਾ ਲੋਕ ਨਹੀਂ ਇਕੱਠੇ ਹੋ ਸਕਦੇ ਨੇ,ਇਸ ਲਈ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ,ਇਸ ਤੋਂ ਪਹਿਲਾਂ 5 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਜਘਾਟ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਮਿਲਣ 'ਤੇ ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ ਸੀ
26-27 ਨਵੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟਰੈਕਟਰ ਟਰਾਲੀਆਂ ਭਰ ਕੇ ਦਿੱਲੀ ਵੱਲ ਕਿਸਾਨ ਜਥੇਬੰਦੀਆਂ ਕੂਚ ਕਰਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੂੰ ਜਗਾਉਣ ਲਈ ਸਿਰਫ ਪੰਜਾਬ ਨਹੀਂ ਸਗੋਂ ਦੇਸ਼ ਭਰ ਦੀਆਂ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਵੀ ਕਿਸਾਨ ਜਥੇਬੰਦੀਆਂ ਧਰਨਿਆਂ 'ਚ ਸ਼ਾਮਲ ਹੋਣਗੀਆਂ
13 ਤਰੀਕ ਨੂੰ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਦੀ ਕੇਂਦਰੀ ਖੇਤੀ-ਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੀਟਿੰਗ ਹੋਈ ਸੀ,ਮੀਟਿੰਗ ਤੋਂ ਬਾਅਦ ਖੇਤੀ ਕਾਨੂੰਨ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ ਸੀ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ ਜੋ ਖੇਤੀ ਕਾਨੂੰਨ 'ਤੇ ਵਿਚਾਰ ਕਰੇਗੀ,ਮੀਟਿੰਗ ਤੋਂ ਬਾਅਦ ਖੇਤੀ-ਬਾੜੀ ਮੰਤਰੀ ਨੇ ਆਪ ਕਿਹਾ ਸੀ ਕਿ ਖੇਤੀ ਕਾਨੂੰਨ ਨੂੰ ਲੈਕੇ ਕਿਸਾਨਾਂ ਅਤੇ ਸਰਕਾਰ ਦੀ ਸੋਚ ਵਿੱਚ ਵੱਡਾ ਪਾੜਾ ਹੈ ਜਿਸ ਨੂੰ ਭਰਨ ਦੇ ਲਈ ਕਈ ਮੀਟਿੰਗ ਦੀ ਜ਼ਰੂਰਤ ਹੈ