Supreme Court: ਓਡੀਸ਼ਾ ਰੇਲ ਹਾਦਸਾ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ, ਕਮੇਟੀ ਬਣਾ ਕੇ ਜਾਂਚ ਕਰਵਾਉਣ ਦੀ ਮੰਗ
Supreme Court: ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ `ਚ ਹੋਏ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ `ਚ ਜਾਂਚ ਕਮਿਸ਼ਨ ਬਣਾਉਣ ਲਈ ਕੇਂਦਰ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ `ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।
Supreme Court: ਓਡੀਸ਼ਾ ਰੇਲ ਹਾਦਸੇ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਮਾਮਲੇ ਦੀ ਜਾਂਚ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਮਾਹਰ ਪੈਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਐਡਵੋਕੇਟ ਵਿਸ਼ਾਲ ਤਿਵਾਰੀ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਰੇਲਵੇ ਵਿੱਚ ਆਟੋਮੇਟਿਡ ਟ੍ਰੇਨ ਪ੍ਰੋਟੈਕਸ਼ਨ (ਏਟੀਪੀ) ਸਿਸਟਮ (ਕਵਚ ਸੁਰੱਖਿਆ ਪ੍ਰਣਾਲੀ ਕਿਹਾ ਜਾਂਦਾ ਹੈ) ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਤਵਾਰ ਨੂੰ ਬਾਲਾਸੋਰ ਨੇੜੇ ਬਹਿੰਗਾ ਬਾਜ਼ਾਰ 'ਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਹ ਸਹਾਇਤਾ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ (ਸੀਐਮਓ) ਨੇ ਕਿਹਾ ਕਿ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਸੀ।
ਰੇਲਵੇ ਦੀ ਮੁਢਲੀ ਰਿਪੋਰਟ ਅਨੁਸਾਰ ਬਹਿੰਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਮੇਨ ਲਾਈਨ ਦੀ ਬਜਾਏ ਲੂਪ ਲਾਈਨ ਵਿੱਚ ਦਾਖ਼ਲ ਹੋਣ ਤੋਂ ਬਾਅਦ ਉੱਥੇ ਖੜ੍ਹੀ ਇੱਕ ਮਾਲ ਗੱਡੀ ਨਾਲ ਟਕਰਾ ਗਈ। ਕੋਲਕਾਤਾ ਤੋਂ 250 ਕਿਲੋਮੀਟਰ ਦੱਖਣ ਅਤੇ ਭੁਵਨੇਸ਼ਵਰ ਤੋਂ 170 ਕਿਲੋਮੀਟਰ ਉੱਤਰ ਵਿੱਚ ਬਾਲਾਸੋਰ ਨੇੜੇ ਬਹਿੰਗਾ ਬਾਜ਼ਾਰ ਸਟੇਸ਼ਨ 'ਤੇ ਸ਼ੁੱਕਰਵਾਰ ਨੂੰ ਵਾਪਰੇ ਹਾਦਸੇ ਦਾ ਸ਼ਿਕਾਰ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਵੀ ਹੋਈ। ਇਹ ਰੇਲਵੇ ਇਤਿਹਾਸ ਦੇ ਸਭ ਤੋਂ ਭਿਆਨਕ ਹਾਦਸਿਆਂ ਵਿੱਚੋਂ ਇੱਕ ਹੈ।
ਇਹ ਵੀ ਪੜ੍ਹੋ : Punjab News: ਬੀਬੀ ਜਗੀਰ ਕੌਰ ਨੇ 'ਸ਼੍ਰੋਮਣੀ ਅਕਾਲੀ ਪੰਥ' ਬਣਾਉਣ ਦਾ ਕੀਤਾ ਐਲਾਨ, ਸੰਗਤਾਂ ਨੇ ਵੀ ਭਰੀ ਹਾਮੀ
ਇਸ 'ਚ ਘੱਟੋ-ਘੱਟ 288 ਯਾਤਰੀਆਂ ਦੀ ਮੌਤ ਹੋ ਗਈ ਹੈ ਅਤੇ 1100 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਚੱਲ ਰਹੇ ਮੁਰੰਮਤ ਦੇ ਕੰਮ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਰੇਲ ਹਾਦਸੇ ਦਾ ਕਾਰਨ ਵੀ ਦੱਸਿਆ। ਉਨ੍ਹਾਂ ਕਿਹਾ ਕਿ ਰੇਲਵੇ ਸੁਰੱਖਿਆ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਕੀਤੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲੱਗ ਗਿਆ ਹੈ। ਇਸ ਲਈ ਜ਼ਿੰਮੇਵਾਰ ਲੋਕਾਂ ਦੀ ਵੀ ਪਛਾਣ ਕਰ ਲਈ ਗਈ ਹੈ। ਰੇਲ ਮੰਤਰੀ ਨੇ ਖੁਲਾਸਾ ਕੀਤਾ ਕਿ ਇਹ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ 'ਚ ਬਦਲਾਅ ਕਾਰਨ ਵਾਪਰਿਆ ਹੈ।
ਇਹ ਵੀ ਪੜ੍ਹੋ : Punjab Schools Holidays: ਛੁੱਟੀਆਂ ਦੇ ਬਾਵਜੂਦ ਇੱਕ ਦਿਨ ਲਈ ਖੁੱਲ੍ਹਣਗੇ ਪੰਜਾਬ ਦੇ ਸਰਕਾਰੀ ਸਕੂਲ, ਜਾਣੋ ਕਾਰਨ