Mohali News: ਐਸ.ਏ.ਐਸ.ਨਗਰ, ਮੁਹਾਲੀ ਵਿਖੇ ਸ਼ੁੱਕਰਵਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਸਬੰਧਤ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ਸੈਕਸ਼ਨ ਦੇ ਡੇਰਾਬੱਸੀ ਖੇਤਰ ਦੇ ਬਲੈਕ ਸਪਾਟਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹਾ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸੁਚਾਰੂ ਆਵਾਜਾਈ ਲਈ ਹਾਈਵੇਅ ਨੂੰ ਸੁਰੱਖਿਅਤ ਬਣਾਉਣਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਰਾਸਿੰਗ ਲਾਈਟਾਂ/ਬਲਿੰਕਰ ਲਗਾਏ ਜਾਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੇ ਨਾਲ-ਨਾਲ ਮੋੜਾਂ ਨੂੰ ਚੌੜਾ ਕੀਤਾ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਰੰਬਲਿੰਗ ਸਟ੍ਰਿਪ ਲਗਾਏ ਜਾਣ।


ਜ਼ੀਰਕਪੁਰ ਦੇ ਮੈਕ.ਡੀ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਐਨ.ਐਚ.ਏ.ਆਈ ਅਧਿਕਾਰੀਆਂ ਨੂੰ ਇਸ ਮੁੱਦੇ ਨੂੰ ਜਲਦ ਹੱਲ ਕਰਨ ਲਈ ਕਿਹਾ। ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਕਿਹਾ ਗਿਆ।


ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਲਾਂਡਰਾ ਰੋਡ ਅਤੇ ਕੁਰਾਲੀ ਰੋਡ ’ਤੇ ਬਰਸਾਤੀ ਪਾਣੀ ਦੇ ਨਿਕਾਸ ਅਤੇ ਸਲੈਬਾਂ ਪਾਉਣ ਅਤੇ ਫਲਾਈ ਓਵਰ ਦਾ ਬਰਸਾਤੀ ਪਾਣੀ ਐਸ ਡੀ ਐਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਸਮੱਸਿਆ ਦੇ ਮੁੱਦੇ ਉਠਾਏ। ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ।


ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਵਜੋਂ ਪ੍ਰਦਰਸ਼ਿਤ ਕਰਨ ਅਤੇ ਸ਼ਬਦ-ਜੋੜਾਂ ਦੀ ਸੁਧਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪਹਿਲ ਦੇ ਆਧਾਰ 'ਤੇ ਅਜਿਹਾ ਕਰਨ। ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਜ਼ਮੀਨ ਅਧਿਗ੍ਰਹਿਣ ਅਤੇ ਮੁਆਵਜ਼ੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।