Chandigarh News: ਕੀ ਮੁੜ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ; ਸੁਪਰੀਮ ਕੋਰਟ ਅੱਜ ਸੁਣਾਏਗਾ ਫ਼ੈਸਲਾ
Chandigarh News: ਚੰਡੀਗੜ੍ਹ ਨਗਰ ਨਿਗਮ ਦੀ ਚੋਣ ਦਾ ਮਾਮਲਾ ਕਾਫੀ ਭਖਿਆ ਹੈ। ਅੱਜ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
Chandigarh News: ਚੰਡੀਗੜ੍ਹ ਨਗਰ ਨਿਗਮ ਦੀ ਚੋਣ ਵਿੱਚ ਹੋਏ ਉਲਟ-ਫੇਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਦਾਲਤ ਦਾ ਰੁਖ਼ ਅਪਣਾ ਲਿਆ ਸੀ। ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਵਿਰੋਧੀ ਧਿਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ।
ਜਿਥੇ ਸਿਖਰਲੀ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ। ਇਸ ਤੋਂ ਇਲਾਵਾ ਆਮ ਆਦਮ ਪਾਟੀ ਨੇ ਸ਼ਹਿਰ ਵਿੱਚ ਭਾਜਪਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਇਸ ਦਰਮਿਆਨ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਵਿੱਚ ਘਪਲੇ ਲਈ ਹਾਈ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ।
ਵਿਰੋਧੀ ਧਿਰ ਨੇ ਸੁਪਰੀਮ ਕੋਰਟ ਅੱਗੇ ਵੀਡੀਓ ਸਬੂਤ ਪੇਸ਼ ਕੀਤੇ ਸਨ। ਇਹ ਵੀਡੀਓ ਮੇਅਰ ਚੋਣਾਂ ਦੌਰਾਨ ਅਸੈਂਬਲੀ ਹਾਲ ਵਿੱਚ ਲੱਗੇ ਕੈਮਰਿਆਂ ਵਿੱਚ ਕੈਦ ਹੋ ਗਈ ਸੀ। ਵਿਰੋਧੀ ਧਿਰ ਨੇ ਦਲੀਲ ਦਿੱਤੀ ਸੀ ਕਿ ਵੀਡੀਓ ਵਿੱਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵਿਰੋਧੀ ਧਿਰ ਦੀਆਂ ਵੋਟਾਂ ਨੂੰ ਜਾਣਬੁੱਝ ਕੇ ਰੱਦ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਬੈਲਟ ਪੇਪਰ ਨਾਲ ਛੇੜਛਾੜ ਕਰਕੇ ਵੋਟਾਂ ਖ਼ਰਾਬ ਕੀਤੀਆਂ ਹਨ।
30 ਜਨਵਰੀ ਨੂੰ ਹੋਈ ਚੋਣ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ਉਤੇ ਉਨ੍ਹਾਂ ਕੌਂਸਲਰਾਂ ਦੀਆਂ ਵੋਟਾਂ ਦੀ ਨਿਸ਼ਾਨਦੇਹੀ ਕਰਦਾ ਦਿਖਾਈ ਦੇ ਰਿਹਾ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ ਤੇ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ 'ਤੇ ਰੱਖੀ ਗਈ ਸੀ। ਜਿਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਆਪਣਾ ਜਵਾਬ ਦਾਖ਼ਲ ਕੀਤਾ ਜਾਵੇਗਾ।
30 ਜਨਵਰੀ ਨੂੰ ਹੋਈਆਂ ਮੇਅਰ ਚੋਣਾਂ ਵਿੱਚ ਪ੍ਰਸ਼ਾਸਨ ਵੱਲੋਂ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਅੱਠ ਕੌਂਸਲਰਾਂ ਦੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ, ਜਿਸ ਮਗਰੋਂ ਭਾਜਪਾ ਦੇ ਮਨੋਜ ਸੋਨਕਰ ਨੂੰ ਮੇਅਰ ਬਣਾਇਆ ਗਿਆ ਸੀ ਪਰ ਗਠਜੋੜ ਨੇ ਇਸ ਨੂੰ ਚੁਣੌਤੀ ਦਿੱਤੀ ਤੇ ਪਹਿਲਾਂ ਹਾਈ ਕੋਰਟ ਤੇ ਬਾਅਦ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।
ਅੱਜ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਕਾਬਿਲੇਗੌਰ ਹੈ ਕਿ ਸੁਪਰੀਮ ਵਿੱਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ 'ਆਪ' ਦੇ 3 ਕੌਂਸਲਰ ਭਾਜਪਾ 'ਚ ਸ਼ਾਮਲ ਹੋਣ ਨਾਲ ਇੰਡੀਆ ਗਠਜੋੜ ਦੇ ਸਮੀਕਰਨ ਵਿਗੜੇ