Punjab Kisan Andolan: ਅੱਜ  ਸ਼ਾਮ ਨੂੰ ਚੰਡੀਗੜ੍ਹ 'ਚ 26 ਸੈਕਟਰਾਂ 'ਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਇਹ ਜਾਣਕਾਰੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਰਾਜਪੁਰਾ ਦੇ ਈਗਲ ਮੋਟਲ ਹੋਟਲ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਨੂੰ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿਚਾਲੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੁਲਿਸ ਕਾਰਵਾਈ 'ਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ। ਸਿਹਤ ਮੰਤਰੀ ਬੁੱਧਵਾਰ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਣ ਲਈ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।


ਸਿਹਤ ਮੰਤਰੀ ਵੱਲੋਂ ਜਿਨ੍ਹਾਂ ਹਸਪਤਾਲਾਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਵਿੱਚ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਸ਼ਾਮਲ ਹਨ।


ਇਹ ਵੀ ਪੜ੍ਹੋ: Punjab Kisan Andolan Live Update: ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਹੋਵੇਗੀ ਮੀਟਿੰਗ ਅੱਜ; ਬੈਠਕ ਪਿਛੋਂ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ

ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਰਹੱਦ 'ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਨਾਲ ਤਿਆਰ ਰੱਖਣ।


ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਸਰਹੱਦ ਦੇ ਨੇੜੇ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹੜਤਾਲ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਕਿਸਾਨਾਂ 'ਤੇ ਬੇਲੋੜੀ ਪੁਲਿਸ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਤੋਂ ਰੋਕੇ।


ਇਹ ਵੀ ਪੜ੍ਹੋ: Kisan Andolan 2.0: ਕਿਸਾਨਾਂ ਉਪਰ ਦੂਜੇ ਦਿਨ ਵੀ ਅੱਥਰੂ ਗੈਸ ਦੇ ਗੋਲੇ ਦਾਗੇ ਗਏ; ਹਾਲਾਤ ਤਣਾਅਪੂਰਨ