ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਟਿਕੀਆਂ ਸਭ ਦੀਆਂ ਨਜ਼ਰਾਂ !

ਜੇਕਰ ਸੁਪਰੀਮ ਕੋਰਟ ਕੋਰਟ ਤੋਂ ਜ਼ਮਾਨਤ ਨਾ ਮਿਲੀ ਤਾਂ ਉਸ ਨੂੰ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਹੀ ਪਵੇਗਾ। 

ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਟਿਕੀਆਂ ਸਭ ਦੀਆਂ ਨਜ਼ਰਾਂ !
ਫਾਈਲ ਫੋਟੋ

ਨੀਤਿਕਾ ਮਹੇਸ਼ਵਰੀ/ ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਜੇਕਰ ਸੁਪਰੀਮ ਕੋਰਟ ਕੋਰਟ ਤੋਂ ਜ਼ਮਾਨਤ ਨਾ ਮਿਲੀ ਤਾਂ ਉਸ ਨੂੰ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਹੀ ਪਵੇਗਾ। 

ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ। 

Watch Live Tv-