Junior Assistant Arrested: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਨਿੱਚਰਵਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਨੇ ਮਿਤੀ 14-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ "9501 200 200" 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 2011 ਤੋਂ 2016 ਤੱਕ ਨਗਰ ਪੰਚਾਇਤ, ਮਾਹਿਲਪੁਰ ਵਿਖੇ ਸੈਕਸ਼ਨ ਅਫ਼ਸਰ ਵਜੋਂ ਤਾਇਨਾਤ ਸੀ। ਉਸ ਵਿਰੁੱਧ ਥਾਣਾ ਮਾਹਿਲਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 306, 506 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਨੂੰ 28-12-2021 ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।


ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣਾ ਪ੍ਰੋਵੀਡੈਂਟ ਫੰਡ (ਪੀ.ਐਫ.) 3,40,116 ਰੁਪਏ ਜਾਰੀ ਕਰਵਾਉਣ ਲਈ ਕਾਰਜਸਾਧਕ ਅਫ਼ਸਰ (ਈ.ਓ.) ਦੇ ਦਫ਼ਤਰ ਵਿੱਚ ਅਰਜ਼ੀਆਂ ਦਿੱਤੀਆਂ ਅਤੇ ਉਸਦੇ ਵਟਸਐਪ ਨੰਬਰ 'ਤੇ ਸੰਦੇਸ਼ ਵੀ ਭੇਜੇ। ਮੁਲਜ਼ਮ ਜੂਨੀਅਰ ਸਹਾਇਕ ਸ਼ੀਸ਼ਪਾਲ ਨੇ ਪੀਐੱਫ ਦੀ ਰਕਮ ਜਾਰੀ ਕਰਵਾਉਣ ਬਦਲੇ 22 ਜੂਨ 2023 ਨੂੰ ਉਸ ਤੋਂ ਰਿਸ਼ਵਤ ਮੰਗੀ ਤੇ ਉਸ ਨੇ ਮੁਲਜ਼ਮ ਜੂਨੀਅਰ ਸਹਾਇਕ ਵੱਲੋਂ ਭੇਜੇ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਰਿਸ਼ਵਤ ਦੇ 24000 ਰੁਪਏ ਟਰਾਂਸਫਰ ਕਰ ਦਿੱਤੇ।


ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸ਼ੀਸ਼ਪਾਲ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫਆਈਆਰ ਨੰਬਰ 18 ਮਿਤੀ 22-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ ਉਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ।


ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਲਗਭਗ ਇੱਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ ਉਤੇ ਦਰਜ ਹੋ ਗਿਆ ਸੀ। ਇਸ ਨੂੰ ਸਹੀ ਕਰਨ ਦੇ ਏਵੱਜ ਵਿੱਚ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।


ਇਹ ਵੀ ਪੜ੍ਹੋ : Punjab News: ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ