Mohali News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ ਵਿਖੇ ਹੋਈ ਤੀਜੀ ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਸ਼ਮੂਲੀਅਤ ਕਰਨ ਮੌਕੇ ਕੀਤਾ।


COMMERCIAL BREAK
SCROLL TO CONTINUE READING

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕਰਨ ਅਤੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚਕਾਰ ਬਿਹਤਰ ਤਾਲਮੇਲ ਬਣਾਉਣ ਦੇ ਨਾਲ ਨਾਲ ਸਥਾਨਕ ਭਾਈਚਾਰੇ, ਸਥਾਨਕ ਸਰਕਾਰ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਮੈਂਬਰਾਂ ਆਦਿ ਦਾ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨਾਲ ਬਿਹਤਰ ਤਾਲਮੇਲ ਬਣਾਉਣਾ ਹੈ।


ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਊਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ ਮੀਟ (ਅਧਿਆਪਕ-ਮਾਪੇ ਮਿਲਣੀ) ਇਸੇ ਲੜੀ ਦਾ ਇੱਕ ਹਿੱਸਾ ਹੈ, ਕਿਉਂਕਿ ਇਸ ਮੌਕੇ ਮਾਪਿਆਂ ਨੂੰ ਸਿੱਖਿਆ ਪ੍ਰਣਾਲੀ ਜਾਣਨ ਅਤੇ ਸੁਝਾਅ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਮੌਜੂਦਾ ਕਾਰਗੁਜ਼ਾਰੀ ਬਾਰੇ ਜਾਣਨ ਅਤੇ ਅਧਿਆਪਕਾਂ ਦੇ ਸੁਝਾਵਾਂ ਬਾਰੇ ਜਾਣਕਾਰੀ ਲੈਣ ਦਾ ਮੌਕਾ ਮਿਲਿਆ ਹੈ।


ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਨੂੰ ਜਬਰਦਸਤ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਦੀ 100 ਪ੍ਰਤੀਸ਼ਤ ਸ਼ਮੂਲੀਅਤ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਇੱਛੁਕ ਮਾਪਿਆਂ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਵੀ ਉਤਸਾਹਿਤ ਕੀਤਾ ਗਿਆ ਹੈ।


ਇਸ ਮਾਪੇ ਅਧਿਆਪਕ ਮਿਲਣੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਕ ਵਿਕਾਸ ਬਾਰੇ ਚਰਚਾ, ਆਉਣ ਵਾਲੀਆਂ ਘਰੇਲੂ ਅਤੇ ਸਲਾਨਾ ਪ੍ਰੀਖਿਆਵਾਂ ਲਈ ਘਰ ਅਤੇ ਸਕੂਲ ਵਿੱਚ ਬਿਹਤਰ ਮਾਹੌਲ ਦੀ ਸਿਰਜਣਾ ਅਤੇ ਤਾਲਮੇਲ ਬਾਰੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ, ਪੇਟਿੰਗਜ਼ ਆਦਿ ਦਾ ਨਿਰੀਖਣ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਉਤਸਾਹਿਤ ਵੀ ਕੀਤਾ।


ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਡਾ. ਗਿੰਨੀ ਦੁੱਗਲ, ਸਕੂਲ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਸਮੂਹ ਸਟਾਫ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।