Gold washing service started in Golden temple News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਤੇ ਸਾਫ਼-ਸਫ਼ਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ 'ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।


COMMERCIAL BREAK
SCROLL TO CONTINUE READING

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ਼-ਸਫ਼ਾਈ ਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।


ਉਨ੍ਹਾਂ ਦੱਸਿਆ ਕਿ ਬਾਰਿਸ਼ ਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ਼-ਸਫ਼ਾਈ ਲਾਜ਼ਮੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿੱਚ ਕਰਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿੱਚ ਲੱਗੇ ਸੁਨਹਿਰੀ ਪੱਤਰਿਆਂ ਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।


ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ 'ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ 'ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।


ਇਹ ਵੀ ਪੜ੍ਹੋ : PSEB Class 12 English paper leak 2023: ਪੰਜਾਬ ਬੋਰਡ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ
ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।


ਇਹ ਵੀ ਪੜ੍ਹੋ : Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ