India-Canada Relations news: ਕੈਨੇਡਾ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਨੂੰ ਦੇਖਦਿਆਂ ਓਟਾਵਾ 'ਚ ਭਾਰਤੀ ਹਾਈ ਕਮਿਸ਼ਨ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
Trending Photos
India-Canada Relations and Travel Advisory news: ਜਿੱਥੇ ਭਾਰਤ ਅਤੇ ਕੈਨੇਡਾ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ ਉੱਥੇ ਭਾਰਤ ਸਰਕਾਰ ਵੱਲੋਂ ਬੀਤੇ ਦਿਨ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੇ ਉਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਸੀ ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ।
ਹਾਲਾਂਕਿ ਭਾਰਤ ਸਰਕਾਰ ਦੇ ਟਰੈਵਲ ਐਡਵਾਈਜ਼ਰੀ ਜਾਰੀ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਕੈਨੇਡਾ ਇੱਕ ਸੁਰੱਖਿਅਤ ਦੇਸ਼ ਹੈ।
ਦੱਸ ਦਈਏ ਕਿ ਕੈਨੇਡਾ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਨੂੰ ਦੇਖਦਿਆਂ ਓਟਾਵਾ 'ਚ ਭਾਰਤੀ ਹਾਈ ਕਮਿਸ਼ਨ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਭਾਰਤੀ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ ਅਤੇ ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਆਪਣੀ ਜਾਣਕਾਰੀ madad.gov.in ਰਾਹੀਂ ਭਾਰਤੀ ਹਾਈ ਕਮਿਸ਼ਨ ਕੋਲ ਦਰਜ ਕਰਵਾਉਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਭਾਰਤ ਵੱਲੋਂ ਟਰੈਵਲ ਐਡਵਾਈਜ਼ਰੀ ਉਦੋਂ ਜਾਰੀ ਕੀਤੀ ਗਈ ਜਦੋਂ ਕੈਨੇਡਾ ਵੱਲੋਂ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਲਈ ਭਾਰਤ ਨਾਲ ਜੁੜੀ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਕੈਨੇਡਾ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ "ਸੁਰੱਖਿਆ ਸਥਿਤੀ ਦੇ ਕਾਰਨ" ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਬਾਰਡਰ ਖੇਤਰਾਂ ਵਿੱਚ ਯਾਤਰਾ ਤੋਂ ਬਚਣ ਲਈ ਕਿਹਾ ਗਿਆ ਸੀ।
ਜ਼ਿਕਰਯੋਗ ਹੈ ਕਿ ਇਹ ਐਡਵਾਈਜ਼ਰੀ ਉਦੋਂ ਜਾਰੀ ਕੀਤੀਆਂ ਗਈਆਂ ਹਨ ਜਦੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਕੈਨੇਡਾ ਵੱਲੋਂ ਭਾਰਤ 'ਤੇ ਇਲਜ਼ਾਮ ਲਗਾਏ ਗਏ ਸਨ ਕਿ ਇਸ ਹੱਤਿਆ ਦੇ ਵਿੱਚ ਭਾਰਤ ਦਾ ਹੱਥ ਹੋ ਸਕਦਾ ਹੈ।
ਇਸ ਦੌਰਾਨ ਜਿੱਥੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ, ਉੱਥੇ ਇੰਜ ਜਾਪ ਰਿਹਾ ਹੈ ਜਿਵੇਂ ਭਾਰਤ ਕੈਨੇਡਾ ਨੂੰ ਹਰ ਚੀਜ਼ ਦਾ ਢੁਕਵਾਂ ਜਵਾਬ ਦੇ ਰਿਹਾ ਹੈ। ਪਹਿਲਾਂ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢਿਆ, ਇਸਦੇ ਜਵਾਬ 'ਚ ਭਾਰਤ ਨੇ ਵੀ ਕੈਨੇਡੀਅਨ ਕੂਟਨੀਤਕ ਨੂੰ ਕੱਢ ਦਿੱਤਾ। ਇਸ ਤੋਂ ਬਾਅਦ ਕੈਨੇਡਾ ਵੱਲੋਂ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਗਈ ਤਾਂ ਭਾਰਤ ਵੱਲੋਂ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: International News: ਕੈਨੇਡਾ 'ਚ ISI ਕਰ ਰਿਹੈ ਖ਼ਾਲਿਸਤਾਨੀ ਗਤੀਵਿਧੀਆਂ ਦੀ ਪੁਸ਼ਤਪਨਾਹੀ!