UK on India-Canada Relations: ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਸਾਹਮਣੇ ਆਇਆ ਯੂਕੇ ਦੇ ਵਿਦੇਸ਼ ਸਕੱਤਰ ਦਾ ਵੱਡਾ ਬਿਆਨ
UK on India-Canada Relations news: ਯੂਕੇ ਦੇ ਵਿਦੇਸ਼ ਸਕੱਤਰ ਨੇ ਕਿਹਾ ਕਿ ਉਹ ਖਾਲਿਸਤਾਨੀ ਨੇਤਾ ਦੀ ਹੱਤਿਆ ਵਿੱਚ ਭਾਰਤ ਦੀ ਭੂਮਿਕਾ ਦੇ ਦੋਸ਼ਾਂ ਨੂੰ ਲੈ ਕੇ ਕੈਨੇਡੀਅਨ ਭਾਈਵਾਲਾਂ ਦੇ ਸੰਪਰਕ ਵਿੱਚ ਹਨ।
India vs Canada on Hardeep Singh Nijjar Murder Case: ਭਾਰਤ ਅਤੇ ਕੈਨੇਡਾ ਵਿਚਾਲੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਇਸ ਦੌਰਾਨ ਯੂਕੇ ਦੇ ਵਿਦੇਸ਼ ਸਕੱਤਰ ਜੇਮਜ਼ ਕਲੀਵਰਲੀ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਖਾਲਿਸਤਾਨੀ ਨੇਤਾ ਦੀ ਹੱਤਿਆ ਵਿੱਚ ਭਾਰਤ 'ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਕੈਨੇਡੀਅਨ ਭਾਈਵਾਲਾਂ ਦੇ ਸੰਪਰਕ ਵਿੱਚ ਹਨ।
ਯੂਕੇ ਦੇ ਵਿਦੇਸ਼ ਸਕੱਤਰ ਜੇਮਜ਼ ਕਲੀਵਰਲੀ ਵੱਲੋਂ ਬੀਤੇ ਦਿਨੀਂ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਕਥਿਤ ਭੂਮਿਕਾ ਬਾਰੇ ਕੈਨੇਡੀਅਨ ਸੰਸਦ ਵਿੱਚ ਉਠਾਏ ਗਏ ਦੋਸ਼ਾਂ ਨੂੰ ਲੈ ਕੇ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿੱਚ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪ੍ਰਭੂਸੱਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਜੇਮਜ਼ ਕਲੀਵਰਲੀ ਨੇ ਆਪਣੇ ਅਧਿਕਾਰਤ ਹੈਂਡਲ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦਿਆਂ ਕਿਹਾ ਕਿ, "ਸਾਰੇ ਦੇਸ਼ਾਂ ਨੂੰ ਪ੍ਰਭੂਸੱਤਾ ਅਤੇ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨਾ ਚਾਹੀਦਾ ਹੈ। ਅਸੀਂ ਕੈਨੇਡੀਅਨ ਸੰਸਦ ਵਿੱਚ ਉਠਾਏ ਗਏ ਗੰਭੀਰ ਦੋਸ਼ਾਂ ਬਾਰੇ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿੱਚ ਹਾਂ।"
ਯੂਕੇ ਦੇ ਵਿਦੇਸ਼ ਸਕੱਤਰ ਨੇ ਅੱਗੇ ਜ਼ੋਰ ਦਿੱਤਾ ਕਿ ਇਹ ਮਹੱਤਵਪੂਰਨ ਹੈ ਕਿ ਖਾਲਿਸਤਾਨ ਪੱਖੀ ਨੇਤਾ ਦੀ ਹੱਤਿਆ ਵਿੱਚ ਭਾਰਤੀ ਸ਼ਮੂਲੀਅਤ ਦੇ ਦੋਸ਼ਾਂ ਦੀ ਕੈਨੇਡਾ ਦੀ ਜਾਂਚ ਆਪਣੇ ਰਾਹ ਚੱਲੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਚਹਿਰੀ ਵਿਚ ਲਿਆਂਦਾ ਜਾਵੇ।
ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਉਨ੍ਹਾਂ 'ਤੇ ਲਾਏ ਗਏ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਕੈਨੇਡਾ 'ਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਅਤੇ ਭਾਰਤ 'ਚ ਲੋੜੀਂਦੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਹੋਈ ਗੋਲੀਬਾਰੀ ਪਿੱਛੇ ਭਾਰਤ ਦਾ ਹੱਥ ਸੀ।
ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ 'ਚ ਦੋਸ਼ਾਂ ਨੂੰ 'ਬੇਹੂਦਾ' ਅਤੇ 'ਪ੍ਰੇਰਿਤ' ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ "ਅਸੀਂ ਉਨ੍ਹਾਂ ਦੀ ਸੰਸਦ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਬਿਆਨ ਦੇ ਨਾਲ-ਨਾਲ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਵੀ ਦੇਖਿਆ ਅਤੇ ਰੱਦ ਕੀਤਾ ਹੈ।"
ਇਹ ਵੀ ਪੜ੍ਹੋ: Canada Travel Advisory for India: ਕੈਨੇਡਾ ਨੇ ਭਾਰਤ ਲਈ ਜਾਰੀ ਕੀਤੀ ਨਵੀਂ ਟਰੈਵਲ ਐਡਵਾਈਜ਼ਰੀ, ਜਾਣੋ ਕੀ ਹਦਾਇਤਾਂ ਦਿੱਤੀਆਂ