SYL News: 28 ਦਸੰਬਰ ਨੂੰ SYL ਦੇ ਮੁੱਦੇ `ਤੇ ਮੁੜ ਹੋਵੇਗੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਨੇ ਗੱਲਬਾਤ ਲਈ ਸੱਦਿਆ
SYL News: ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ SYL ਦੇ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ।
SYL News: ਸਤਲੁਜ ਯਮੁਨਾ ਲਿੰਕ ਨਹਿਰ ਉੱਤੇ ਹਰਿਆਣਾ ਅਤੇ ਪੰਜਾਬ ਇਕ ਵਾਰ ਮੁੜ ਤੋਂ ਗੱਲਬਾਤ ਕਰਨਗੇ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਸੰਬੰਧੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਿੱਤੀ ਹੈ। ਸੀਐਮ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਇੱਕ ਗੰਭੀਰ ਮੁੱਦਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈਕੇ ਕੋਈ ਹੱਲ ਜ਼ਰੂਰ ਨਿਕਲੇਗਾ।
ਮੁੱਖਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਉਹ ਇਸ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਨੇ ਆਪਣੀ ਗੱਲ ਨੂੰ ਦੁਹਰਾਉਂਦੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖਮੰਤਰੀ ਨੇ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ।
ਇਹ ਵੀ ਪੜ੍ਹੋ: Lok Sabha News: ਲੋਕ ਸਭਾ ਦੇ 14 ਸੰਸਦ ਮੈਂਬਰ ਪੂਰੇ ਸੈਸ਼ਨ ਲਈ ਮੁਅੱਤਲ
ਸੀਐੱਮ ਨੇ ਐਸ.ਵਾਈ.ਐਲ. ਦੇ ਮੁੱਦੇ ਉਤੇ ਵਿਰੋਧੀਆਂ ਨੂੰ ਘੇਰਦੇ ਹੋਏ ਕਿਹਾ ਕਿ ਮੈਂ ਨਾ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਇਆ ਸੀ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ।
ਇਸ ਤੋਂ ਪਹਿਲਾਂ ਕੁੱਝ ਮਹੀਨੇ ਪਹਿਲਾਂ ਸੁਪਰੀਮ ਕੋਰਟ ਇਸ ਮਾਮਲੇ ਸੰਬੰਧੀ ਸੁਣਵਾਈ ਹੋਈ ਸੀ। ਸੁਣਵਾਈ ਦੌਰਾਨ SYL ਨਹਿਰ ਵਿਵਾਦ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਲਈ ਆਖਿਆ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਕਾਨੂੰਨ ਤੋਂ ਉੱਪਰ ਕੁੱਝ ਨਹੀਂ ਹੈ। ਜਲਦ ਕੇਂਦਰ ਨਾਲ ਮਿਲਦੇ ਇਸ ਮਸਲੇ ਦਾ ਹੱਲ ਕੱਢਿਆ ਜਾਵੇ, ਕੋਰਟ ਨੂੰ ਕੋਈ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਏ।