ਪੰਜਾਬ ਵਿਚ ਪਹਿਲੇ ਪੜਾਅ ਤਹਿਤ ਖੁੱਲਣਗੇ 100 ਮੁਹੱਲਾ, ਪੰਜਾਬ ਸਰਕਾਰ ਮੁਹੱਲਾ ਕਲੀਨਿਕਾ ਲਈ ਪੂਰੀ ਤਰ੍ਹਾਂ ਤਿਆਰ
ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪੱਬਾਂ ਭਾਰ ਹੋਈ ਪਈ ਹੈ।15 ਅਗਸਤ ਨੂੰ ਸਰਕਾਰ ਮੁਹੱਲਾ ਕਲੀਨਿਲ ਸ਼ੁਰੂ ਕਰਨ ਜਾ ਰਹੀ ਹੈ ਅਤੇ ਪਹਿਲੇ ਪੜਾਅ ਤਹਿਤ 100 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।
ਚੰਡੀਗੜ: ਇਸ ਆਜ਼ਾਦੀ ਦਿਹਾੜੇ 'ਤੇ ਆਮ ਆਦਮੀ ਕਲੀਨਿਕਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਪੜਾਅ 'ਚ ਇਨ੍ਹਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਫਲੈਗਸ਼ਿਪ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮੰਤਰੀ ਜੌੜੇ ਮਾਜਰਾ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਸੁਤੰਤਰਤਾ ਦਿਵਸ ਦੇ 'ਅੰਮ੍ਰਿਤ ਮਹੋਤਸਵ' ਤਹਿਤ ਕਵਰ ਕਰਨਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਨਾ ਸਿਰਫ਼ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਦਰਾਂ 'ਤੇ ਜ਼ਰੂਰੀ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ ਬਲਕਿ ਇਹ ਕਲੀਨਿਕ ਹਸਪਤਾਲਾਂ ਦੀ ਭੀੜ ਨੂੰ ਦੂਰ ਕਰਨ ਵਿਚ ਵੀ ਸਹਾਈ ਹੋਣਗੇ।
ਜੌੜੇ ਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਅਤੇ ਸਿਹਤਮੰਦ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਸੂਬੇ ਦੇ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਰਾਜ ਦੇ ਹਰ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ।
WATCH LIVE TV