Agriculture News: ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਅਤੇ ਮੱਛਰ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।


COMMERCIAL BREAK
SCROLL TO CONTINUE READING

ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਬਣਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ 'ਤੇ ਸੁੰਡੀ ਤੇ ਮੱਛਰ ਦੇ ਹਮਲੇ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਲੋੜ ਪੈਣ 'ਤੇ ਕਿਸਾਨਾਂ ਨੂੰ ਕੀੜਿਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ਵਿੱਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਤੇ ਬਲਾਕ ਖੂਈਆਂ ਸਰਵਰ ਵਿੱਚ ਤਿੰਨ ਥਾਵਾਂ ’ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ’ਤੇ ਚਿੱਟੀ ਮੱਖੀ ਦਾ ਹਮਲਾ ਦੇਖਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਹਾਜ਼ਰੀ ਵਿੱਚ ਪ੍ਰਭਾਵਿਤ ਫ਼ਸਲਾਂ ’ਤੇ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ।


ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਉੱਚ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਫ਼ਸਲ 'ਤੇ ਕੀੜਿਆਂ ਅਤੇ ਬਿਮਾਰੀਆਂ ਦੇ ਹਮਲੇ ਦੇ ਸੁਚੱਜੇ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕੇ।


ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ 'ਤੇ ਅਮਲ ਕਰਨ ਤੇ ਫ਼ਸਲਾਂ 'ਤੇ ਸਿਰਫ਼ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧਤਾ ਅਨੁਸਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।


ਉਨ੍ਹਾਂ ਦੱਸਿਆ ਕਿ ਸਾਉਣੀ ਫ਼ਸਲੀ ਸੀਜ਼ਨ 2024 ਦੌਰਾਨ ਫ਼ਸਲੀ ਵਿਭਿੰਨਤਾ ਸਕੀਮ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਡਿਸਪਲੇ ਲਗਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਦਾ ਲਾਭ ਵੀ ਦਿੱਤਾ ਜਾਵੇਗਾ।


ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਕਣਕ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਦੱਸਿਆ ਹੈ ਕਿ ਵਿਭਾਗ ਵੱਲੋਂ ਪਿੰਡ ਸਾਹਨੇਵਾਲੀ ਵਿੱਚ ਕਿਸਾਨ ਬਲਕਾਰ ਸਿੰਘ ਦੇ ਨਰਮੇ ਦੇ ਖੇਤ ਦਾ ਦੌਰਾ ਕੀਤਾ ਗਿਆ।


ਖੇਤ ਵਿੱਚ ਗੁਲਾਬੀ ਸੁੰਡੀ ਦਾ ਮਾਮੂਲੀ ਹਮਲਾ ਦੇਖਿਆ ਗਿਆ ਅਤੇ ਕਿਸਾਨਾਂ ਨੂੰ ਸਿਫ਼ਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ। ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਗਦੇਵ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਗੁਲਾਬੀ ਸੁੰਡੀ ਦਾ ਕੋਈ ਹਮਲਾ ਨਹੀਂ ਪਾਇਆ ਗਿਆ।