ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੁੰ ਆਖਿਆ ਕਿ ਸਹਿਕਾਰੀ ਖੰਡ ਮਿੱਲਾਂ ਤੋਂ ਗੰਨਾ ਉਤਪਾਦਕ ਕਿਸਾਨਾਂ ਦੇ 331 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਵਾਏ ਜਾਣ।


COMMERCIAL BREAK
SCROLL TO CONTINUE READING

ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਬਕਾਇਆ ਕਾਫੀ ਦੇਰ ਤੋਂ ਲਟਕ ਰਿਹਾ ਹੈ ਜਦੋਂ ਕਿਸਾਨ ਪਹਿਲਾਂ ਹੀ ਸੰਕਟ ਵਿਚ ਘਿਰੇ ਹੋਏ ਹਨ।


ਉਹਨਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ ਤੇ ਜੇਕਰ ਗੰਨਾ ਉਤਪਾਦਕਾਂ ਦੇ ਬਕਾਏ ਸਮੇਂ ਸਿਰ ਅਦਾ ਨਾ ਕੀਤੇ ਗਏ ਤਾਂ ਕਿਸਾਨਾਂ ਸਿਰ ਹੋਰ ਕਰਜ਼ਾ ਚੜ੍ਹ ਜਾਵੇਗਾ। ਉਹਨਾਂ ਕਿਹਾ ਕਿ ਬਕਾਏ ਅਦਾ ਕਰਨ ਵਿਚ ਢਿੱਲ ਮੱਝ ਕਾਰਨ ਕਿਸਾਨਾਂ ਨੁੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਪਾਸੇ ਮੋੜ ਕੇ ਗੰਨਾ ਉਤਪਾਦਨ ਵੱਲ ਲਗਾਏ ਜਾਣ ਦੇ ਯਤਨ ਵੀ ਖੂਹ ਖਾਤੇ ਪੈ ਜਾਣਗੇ।


ਮਲੂਕਾ ਨੇ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਜਿਹਨਾਂ ਨੇ ਗੰਨਾ ਉਤਪਾਦਕਾਂ ਦੇ ਬਕਾਏ ਅਦਾ ਨਹੀਂ ਕੀਤੇ, ਨੂੰ ਵੀ ਕਰੜੇ ਹੱਥੀਂ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਅੰਦਾਜ਼ੇ ਮੁਤਾਬਕ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਕਿਸਾਨਾਂ ਦੇ 343 ਕਰੋੜ ਰੁਪਏ ਦੇਣੇ ਹਨ। ਉਹਨਾਂ ਕਿਹਾ ਕਿ ਸਹਿਕਾਰੀ ਤੇ ਪ੍ਰਾਈਵੇਟ ਦੋਵੇਂ ਖੰਡ ਮਿੱਲਾਂ ਨੂੰ ਸਪਸ਼ਟ ਹਦਾਇਤ ਹੋਣੀ ਚਾਹੀਦੀ ਹੈ ਕਿ ਗੰਨਾ ਉਤਪਾਦਕ ਕਿਸਾਨਾਂ ਦੇ ਵਿਆਜ਼ ਸਮੇਤ ਬਕਾਏ ਅਦਾ ਕੀਤੇ ਜਾਣ।


ਅਕਾਲੀ ਆਗੂ ਨੇ ਕਿਹਾ ਕਿ ਸ਼ੂਗਰਕੇਨ ਕੰਟਰੋਲ ਆਰਡਰ ਤੇ ਕਲਾਜ਼ 3 930 ਮਬਤਾਬਕ ਗੰਨੇ ਦੀ ਖਰੀਦ ਤੇ ਰੈਗੂਲੇਸ਼ਨ ਐਕਟ ਮੁਤਾਬਕ ਖੰਡ ਮਿੱਲਾਂ ਨੇ ਖਰੀਦ ਦੇ 14 ਦਿਨਾਂ ਦੇ ਅੰਦਰ ਅੰਦਰ ਅਦਾਇਗੀ ਕਰਨੀ ਹੁੰਦੀ ਹੈ ਨਹੀਂ ਤਾਂ ਵਿਆਜ਼ ਅਦਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਇਹ ਐਕਟ ਸਖ਼ਤੀ ਨਾਲ ਸਹੀ ਭਾਵਨਾ ਅਨੁਸਾਰ ਲਾਗੂ ਕਰਨਾ ਚਾਹੀਦਾ ਹੈ।


ਮਲੂਕਾ ਨੇ ਗੰਨਾ ਉਤਪਾਦਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਜੋ ਬਕਾਏ ਜਾਰੀ ਨਾ ਕਰਨ ’ਤੇ ਖੰਡ ਮਿੱਲ ਮਾਲਕਾਂ ਦੇ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਬਕਾਏ ਜਾਰੀ ਨਾ ਕੀਤੇ ਤਾਂ ਫਿਰ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਵਿੱਢੇਗਾ।