Haryana News: ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿੱਚ ਪਿਛਲੇ 2 ਦਿਨਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਅਜੇ ਜਾਂਚ ਜਾਰੀ ਹੈ। ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ ਪਰ ਮੌਤਾਂ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਯਮੁਨਾਨਗਰ ਦੇ ਐਸਪੀ ਗੰਗਾ ਰਾਮ ਪੂਨੀਆ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਹਸਪਤਾਲ ਤੋਂ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਮਿਲੀ।


COMMERCIAL BREAK
SCROLL TO CONTINUE READING

ਇਸ ਨੂੰ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਪਰ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਸ-ਪਾਸ ਦੇ ਪਿੰਡਾਂ 'ਚ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਂਚ ਦੌਰਾਨ ਪੁਲਿਸ ਨੂੰ ਜ਼ਿਲ੍ਹੇ ਦੇ ਦੋ ਪਿੰਡਾਂ ਤੋਂ ਸੂਚਨਾ ਮਿਲੀ ਕਿ ਮੰਗਲਵਾਰ ਨੂੰ ਵੀ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਸੀ।


ਜਦੋਂ ਕਿ ਬੁੱਧਵਾਰ ਨੂੰ ਦੋ ਹੋਰ ਲੋਕਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਐਸਪੀ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਪੰਜਾਂ ਕੇਸਾਂ ਦੇ ਨਾਲ-ਨਾਲ ਹਸਪਤਾਲ ਵੱਲੋਂ ਦਰਜ ਕੇਸ ਨੂੰ ਵੀ ਜ਼ਹਿਰੀਲੀ ਸ਼ਰਾਬ ਪੀਣ ਦੀਆਂ ਘਟਨਾਵਾਂ ਮੰਨ ਰਹੀ ਹੈ ਕਿਉਂਕਿ ਇਨ੍ਹਾਂ ਦੀ ਮੌਤ ਸ਼ੱਕੀ ਹਾਲਾਤ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਬਾਕੀ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੇ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਹੀ ਲਾਸ਼ਾਂ ਦਾ ਸਸਕਾਰ ਕਰ ਦਿੱਤਾ, ਜਿਸ ਕਾਰਨ ਪੋਸਟਮਾਰਟਮ ਨਹੀਂ ਹੋ ਸਕਿਆ।


ਇਹ ਪੁੱਛੇ ਜਾਣ 'ਤੇ ਕਿ ਮ੍ਰਿਤਕ ਨੇ ਸ਼ੱਕੀ ਜ਼ਹਿਰੀਲੀ ਸ਼ਰਾਬ ਕਿੱਥੋਂ ਪੀਤੀ ਸੀ ਤਾਂ ਪੂਨੀਆ ਨੇ ਕਿਹਾ ਕਿ ਉਹ ਚੀਜ਼ਾਂ ਦੀ ਪੁਸ਼ਟੀ ਕਰ ਰਹੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਅਸੀਂ ਪੁੱਛਗਿੱਛ ਲਈ ਕੁਝ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵੱਖ-ਵੱਖ ਉਮਰ ਦੇ ਸਨ ਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਸ਼ੱਕੀ ਜ਼ਹਿਰੀਲੀ ਸ਼ਰਾਬ ਪੀ ਲਈ ਸੀ।


ਉਨ੍ਹਾਂ ਵਿੱਚੋਂ ਪੰਜ ਦੀ ਜਲਦੀ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਬੁੱਧਵਾਰ ਨੂੰ ਹਸਪਤਾਲ ਵਿੱਚ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਦੋ ਹੋਰਾਂ ਦਾ ਵੱਖ-ਵੱਖ ਮੈਡੀਕਲ ਸਹੂਲਤਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਇੱਕ ਹੋਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।


ਇਹ ਵੀ ਪੜ੍ਹੋ : NGT News: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲੇ ਰੋਕਣ ਦੀ ਦਿੱਤੀ ਹਦਾਇਤ