Mansa News: ਅੱਜ ਖਨੌਰੀ ਬਾਰਡਰ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਭਾਗ ਲੈਣ ਲਈ ਮਾਨਸਾ ਜ਼ਿਲ੍ਹੇ ਦੇ ਕਰੀਬ 6 ਹਜ਼ਾਰ ਕਿਸਾਨ ਬੱਸਾਂ ਅਤੇ ਟਰਾਲੀਆਂ ਵਿੱਚ ਸਵਾਰ ਹੋ ਕੇ ਬਾਰਡਰ ’ਤੇ ਪਹੁੰਚ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਖਨੌਰੀ ਬਾਰਡਰ ਵੱਲ ਰਵਾਨਾ ਹੋਏ ਅਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਲਾਗੂ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਜਾਰੀ ਰਹੇਗਾ।


COMMERCIAL BREAK
SCROLL TO CONTINUE READING

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਵੱਡੀ ਗਿਣਤੀ 'ਚ ਰਵਾਨਾ ਹੋ ਰਹੇ ਹਨ। ਪਿੰਡ ਭੈਣੀ ਬਾਘਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ।


ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਹਨ, ਜਿਨ੍ਹਾਂ 'ਚ ਘੱਟੋ-ਘੱਟ ਐਮਐਸਪੀ ਲਾਗੂ ਕਰਨਾ, ਬਿਜਲੀ ਐਕਟ 2020 ਰੱਦ ਕਰਨਾ, ਕਿਸਾਨੀ ਕਰਜ਼ਿਆਂ ਦੀ ਮੁਆਫੀ ਅਤੇ ਹੋਰ ਕਿਸਾਨੀ ਮੰਗਾਂ ਸ਼ਾਮਲ ਹਨ। 


ਉਨ੍ਹਾਂ ਖੁਦ ਕਿਸਾਨਾਂ ਨੂੰ ਲਾਈਵ ਹੋ ਕੇ ਖਨੌਰੀ ਬਾਰਡਰ 'ਤੇ ਹੋ ਰਹੀ ਕਿਸਾਨ ਮਹਾਂ ਪੰਚਾਇਤ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ, ਜਿਸ ਤਹਿਤ ਅੱਜ ਪੰਜਾਬ ਭਰ ਤੋਂ ਕਿਸਾਨ ਵੱਡੀ ਗਿਣਤੀ 'ਚ ਖਨੌਰੀ ਬਾਰਡਰ 'ਤੇ ਪਹੁੰਚ ਰਹੇ ਹਨ ਅਤੇ ਮਾਨਸਾ ਜ਼ਿਲ੍ਹੇ 'ਚੋਂ ਕਰੀਬ ਛੇਂ ਤੋਂ ਸੱਤ ਹਜ਼ਾਰ ਕਿਸਾਨ ਖਨੌਰੀ ਸਰਹੱਦ 'ਤੇ ਪਹੁੰਚ ਰਹੇ ਹਨ।


ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।