ਗੁਰਦੁਆਰਾ ਐਕਟ ਵਿਰੁੱਧ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ, ਕਰੜੇ ਸੰਘਰਸ਼ ਦਾ ਕੀਤਾ ਐਲਾਨ
ਸੁਪਰੀਮ ਕੋਰਟ ਦੇ ਹਰਿਆਣਾ ਵੱਖਰੀ ਕਮੇਟੀ ਦੇ ਫੈਸਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਜਿਸ ਵਿੱਚ ਹਰਿਆਣਾ ਵੱਖਰੀ ਕਮੇਟੀ ਫੈਸਲੇ ਦੇ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦੇ ਨਾਲ- ਨਾਲ ਸੰਘਰਸ਼ ਦਾ ਵੀ ਐਲਾਨ ਕੀਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾ ਕੇ ਕਾਨੂੰਨੀ ਲੜਾਈ ਲੜੀ ਜਾਵੇਗੀ। ਇਸ ਦੇ ਨਾਲ ਹੀ ਸ੍ਰੋਮਣੀ ਕਮੇਟੀ ਵੱਲੋਂ ਜਨਤਕ ਤੌਰ 'ਤੇ ਸੰਘਰਸ਼ ਕਰਕੇ ਇਸ ਦਾ ਵਿਰੋਧ ਵੀ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਾਜਿਸ਼ ਤਹਿਤ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਜਲਾਸ ਦੌਰਾਨ ਲਏ ਗਏ ਫੈਸਲੇ
ਸੁਪਰੀਮ ਕੋਰਟ ਦੇ ਫੈਸਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਜਿਸ ਵਿੱਚ ਹਰਿਆਣਾ ਵੱਖਰੀ ਕਮੇਟੀ ਫੈਸਲੇ ਦੇ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਜਲਾਸ ਦੌਰਾਨ 4 ਅਕਤੂਬਰ ਨੂੰ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਮੈਮੋਰੰਡਮ ਸੌਪਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਇਸ ਫੈਸਲੇ ਖਿਲਾਫ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ। ਪੰਜਾਬ, ਹਰਿਆਣਾ ਵਿੱਚ ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਭਾਰਤ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਦੇ ਇਸ ਫੈਸਲੇ ਸਬੰਧੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਗਠਨ ਕਰਨ ਜਿੰਨਾਂ ਵੱਲੋਂ ਇਸ ਫੈਸਲੇ 'ਤੇ ਫਿਰ ਤੋਂ ਵਿਚਾਰ ਕੀਤਾ ਜਾਵੇ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਸਾਰੇ ਸੰਘਰਸ਼ ਪ੍ਰੋਗਰਾਮਾਂ ਵਿੱਚ ਸਾਥ ਦੇਣ ਦੀ ਗੱਲ ਆਖੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਵਰਕਰਾਂ ਨੂੰ 7 ਅਕਤੂਬਰ ਨੂੰ ਹੋਣ ਵਾਲੇ ਮਾਰਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਸਿੱਖਾਂ ਵਿੱਚ ਵੰਡੀਆਂ ਪਾ ਰਿਹਾ ਹੈ। ਸ੍ਰੋਮਣੀ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੇ ਬਚਾਅ ਲਈ ਹਰ ਸੰਘਰਸ਼ ਕਰਨ ਨੂੰ ਤਿਆਰ ਹੈ।
WATCH LIVE TV