Punjab News: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫ਼ੀਸਦੀ ਦੀ ਕਮੀ ਆਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 15 ਸਤੰਬਰ ਤੋਂ 25 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 2704 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,798 ਮਾਮਲੇ ਦਰਜ ਕੀਤੇ ਗਏ ਸਨ।


COMMERCIAL BREAK
SCROLL TO CONTINUE READING

ਉਨ੍ਹਾਂ ਦੱਸਿਆ ਕਿ ਸਾਲ 2020 ਤੇ 21 ਵਿੱਚ ਪਰਾਲੀ ਸਾੜਨ ਦੇ ਕ੍ਰਮਵਾਰ 14,805 ਤੇ 6058 ਮਾਮਲੇ ਦਰਜ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਕੇਸਾਂ ਦੀ ਗਿਣਤੀ 2022 ਵਿੱਚ 5798 ਕੇਸਾਂ ਤੋਂ ਘੱਟ ਕੇ 2023 ਵਿੱਚ 2704 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 25 ਅਕਤੂਬਰ ਤੱਕ ਪਰਾਲੀ ਸਾੜਨ ਦੀ ਮਾਤਰਾ ਇਸ ਸਾਲ 25 ਅਕਤੂਬਰ ਤੱਕ 53 ਫ਼ੀਸਦੀ ਘਟੀ ਹੈ।


ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਰੁਪਏ ਦੀ ਯੋਜਨਾ ਤਿਆਰ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਤੰਬਰ 'ਚ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਸੂਬੇ ਨੇ 24,000 ਮਸ਼ੀਨਾਂ ਦੀ ਖਰੀਦ ਨੂੰ ਪ੍ਰਵਾਨਗੀ ਦਿੱਤੀ ਸੀ।


ਇਸ ਸਮੇਂ ਰਾਜ ਵਿੱਚ 1.35 ਲੱਖ ਪਰਾਲੀ ਪ੍ਰਬੰਧਨ ਮਸ਼ੀਨਾਂ ਹਨ ਤੇ ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਮਸ਼ੀਨਾਂ ਦੀ ਵਰਤੋਂ 'ਤੇ ਨਜ਼ਰ ਰੱਖਣ ਲਈ ਇੱਕ ਸਿਸਟਮ ਲਗਾਇਆ ਗਿਆ ਹੈ ਅਤੇ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਉੱਚ ਪੱਧਰੀ ਅਧਿਕਾਰੀਆਂ ਦੁਆਰਾ ਹਫ਼ਤਾਵਾਰ ਸਮੀਖਿਆ ਕੀਤੀ ਜਾ ਰਹੀ ਹੈ।


ਖੁੱਡੀਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਧਿਆਨ ਹੁਣ ਪਰਾਲੀ ਤੋਂ ਹੋਣ ਵਾਲੀ ਆਮਦਨ ਵੱਲ ਹੋ ਗਿਆ ਹੈ ਕਿਉਂਕਿ ਪਰਾਲੀ ਦੀ ਵਰਤੋਂ ਇੱਟਾਂ ਦੇ ਭੱਠਿਆਂ ਸਮੇਤ ਕਈ ਤਰ੍ਹਾਂ ਦੇ ਉਦਯੋਗਾਂ ਵਿੱਚ ਹੋਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦਾ 170 ਤੋਂ 200 ਰੁਪਏ ਪ੍ਰਤੀ ਕੁਇੰਟਲ ਭਾਅ ਮਿਲਣ ਲੱਗਾ ਹੈ, ਜਿਸ ਕਾਰਨ ਉਨ੍ਹਾਂ ਦਾ ਪਰਾਲੀ ਸਾੜਨ ਵੱਲ ਝੁਕਾਅ ਘਟਣ ਲੱਗਾ ਹੈ।


ਇਹ ਵੀ ਪੜ੍ਹੋ : Punjab News: ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਲਈ ਪਟਾਕੇ ਚਲਾਉਣ ਲਈ ਸਮਾਂ ਮਿੱਥਿਆ; ਆਨਲਾਈਨ ਵਿਕਰੀ 'ਤੇ ਪਾਬੰਦੀ