ਚੰਡੀਗੜ: ਕਾਂਗਰਸ ਮੋਗਾ ਬੇਅਦਬੀ ਮਾਮਲੇ 'ਚ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਇਸ ਦਾ ਸਿਹਰਾ ਲੈਣ ਲਈ ਆਮ ਆਦਮੀ ਪਾਰਟੀ 'ਤੇ ਵਰੀ ਹੈ। ਪੰਜਾਬ ਕਾਂਗਰਸ ਨੇ ਅਦਾਲਤ ਵੱਲੋਂ ਮੋਗਾ ਬੇਅਦਬੀ ਕਾਂਡ ਦੇ ਤਿੰਨ ਦੋਸ਼ੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ। ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਸਿਹਰਾ ਲੈਣ ਵਾਲੀ ਆਮ ਆਦਮੀ ਪਾਰਟੀ 'ਤੇ ਵੀ ਕਾਂਗਰਸ ਨੇ ਚੁਟਕੀ ਲਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਤੇ ਮੁਕੱਦਮੇ ਦੀ ਸਮੁੱਚੀ ਪ੍ਰਕਿਰਿਆ ਵਿਚ ਆਮ ਆਦਮੀ ਪਾਰਟੀ ਦੀ ਕੋਈ ਭੂਮਿਕਾ ਨਹੀਂ ਹੈ ਕਿਉਂਕਿ ਪਿਛਲੀ ਕਾਂਗਰਸ ਸਰਕਾਰ ਦੇ ਸ਼ਾਸਨ ਦੌਰਾਨ ਸਭ ਕੁਝ ਪੂਰਾ ਹੋ ਗਿਆ ਸੀ।


COMMERCIAL BREAK
SCROLL TO CONTINUE READING

 


ਅਕਾਲੀ-ਭਾਜਪਾ ਸਰਕਾਰ ਵੇਲੇ ਬੇਅਦਬੀ ਹੋਈ ਸੀ


ਅਦਾਲਤ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 4 ਨਵੰਬਰ 2015 ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਮੋਗਾ ਦੇ ਪਿੰਡ ਮਲਕੇ 'ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਨਵੰਬਰ 2015 ਵਿਚ ਇਸ ਸਬੰਧ ਵਿਚ ਐਫ. ਆਈ. ਆਰ. ਦਰਜ ਕੀਤੀ ਗਈ ਸੀ ਪਰ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਸੀ। ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮੁਲਜ਼ਮਾਂ ਨੂੰ 2018 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕਾਂਗਰਸ ਦੇ ਰਾਜ ਦੌਰਾਨ 27 ਦਸੰਬਰ 2018 ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਗਏ ਸਨ।


 


'ਕਾਂਗਰਸ ਦੀ ਬਦੌਲਤ ਹੀ ਅੱਜ ਦੋਸ਼ੀਆਂ ਨੂੰ ਮਿਲੀ ਸਜ਼ਾ'


ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੋਸ਼ੀਆਂ ਨੂੰ ਕੇਸ ਤਿਆਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਅਤੇ ਜ਼ੋਰਦਾਰ ਢੰਗ ਨਾਲ ਲੜ ਕੇ ਸਜ਼ਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਾਅਵਾ ਕਰ ਰਹੇ ਹਨ ਕਿ ‘ਆਪ’ ਸਰਕਾਰ ਨੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਣ ਨੂੰ ਸਫ਼ਲਤਾਪੂਰਵਕ ਯਕੀਨੀ ਬਣਾਇਆ ਹੈ। ਇਸ ਦਾਅਵੇ ਦਾ ਹਵਾਲਾ ਦਿੰਦੇ ਹੋਏ ਰੰਧਾਵਾ ਨੇ ਉਨ੍ਹਾਂ ਨੂੰ ਪੁੱਛਿਆ ਕਿ ਇਸ 'ਚ 'ਆਪ' ਸਰਕਾਰ ਦਾ ਕੀ ਯੋਗਦਾਨ ਰਿਹਾ ਕਿਉਂਕਿ ਜੋ ਵੀ ਹੋਇਆ ਉਹ ਪਿਛਲੀ ਕਾਂਗਰਸ ਸਰਕਾਰ ਵੇਲੇ ਹੀ ਹੋਇਆ।


 


ਰੰਧਾਵਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ


ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਬਾਦਲਾਂ ਨੂੰ ਕਲੀਨ ਚਿੱਟ ਦੇਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੋਸ਼ੀਆਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ 'ਆਪ' ਸਰਕਾਰ ਨੂੰ ਕਿਹਾ ਕਿ ਤੁਸੀਂ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਆਪਣਾ ਫਰਜ਼ ਨਿਭਾਉਣ 'ਚ ਨਾਕਾਮ ਰਹੇ ਹੋ ਅਤੇ ਹੁਣ ਉਨ੍ਹਾਂ ਕੰਮਾਂ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੇ ਹੋ ਜੋ ਤੁਸੀਂ ਨਹੀਂ ਕੀਤੇ।