Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ।
Trending Photos
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ। ਇਸ ਵਿਚਾਲੇ ਸ਼੍ਰੋਮਣੀ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੰਥਨ ਕੀਤਾ ਗਿਆ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਦਾ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ 110 ਸ਼੍ਰੋਮਣੀ ਕਮੇਟੀ ਮੈਂਬਰ ਹਨ ਤੇ ਇਸ ਵਾਰ ਧਾਮੀ ਮੁੜ ਪ੍ਰਧਾਨ ਬਣਨਗੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਲਕੇ ਹੋਣ ਵਾਲੀ ਐੱਸ. ਜੀ. ਪੀ. ਸੀ. ਚੋਣ ਦੇ ਉਮੀਦਵਾਰ ਐਲਾਨੇ ਜਾਣ 'ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰ ਘੜੀ 'ਚ ਸਾਰੇ ਮੈਂਬਰ ਸਹਿਬਾਨਾਂ ਨੇ ਸਹਿਯੋਗ ਦਿੱਤਾ ਹੈ। ਜਦੋਂ ਵੀ ਪੰਥ ਦੀ ਗੱਲ ਆਉਂਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਜੂਝਦੀ ਹੈ। ਉਨ੍ਹਾਂ ਕਿਹਾ ਸਾਰੇ ਪੰਥ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਬਿਨਾਂ ਕਿਸੇ ਮੰਨਸ਼ਾ ਦੇ ਇਕੱਠੇ ਹੋਣਾ ਚਾਹੀਦਾ ਹੈ।
ਇਸ ਮਗਰੋਂ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਮੈਂਬਰਾਂ ਦੀ ਗਿਣਤੀ ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਉਥੇ ਸਿਰਫ 50-60 ਮੈਂਬਰ ਸਨ ਤੇ ਜਦਕਿ ਇਨ੍ਹਾਂ ਵੱਲੋਂ 99 ਦੱਸੇ ਜਾ ਰਹੇ ਸਨ। ਕਾਬਿਲੇਗੌਰ ਹੈ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਜਸਵੰਤ ਸਿੰਘ ਪੂੜੈਣ, ਇੰਦਰਮੋਹਨ ਸਿੰਘ ਲਖਮੀਰਵਾਲਾ, ਮਲਕੀਤ ਕੌਰ ਕਮਾਲਪੁੱਰ, ਤਿੰਨੋ ਐਗਜੈਕਟਿਵ ਮੈਬਰਾਂ ਵੱਲੋਂ ਜਾਰੀ ਆਪਣੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਵੱਲੋਂ ਅੱਜ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਵਿੱਚ ਬੈਠ ਕੇ ਐਸਜੀਪੀਸੀ ਮੈਂਬਰਾਂ ਦੀ ਗਿਣਤੀ ਨੂੰ ਲੈਕੇ ਵੱਡਾ ਝੂਠ ਬੋਲਿਆ ਗਿਆ।
ਗੌਰਤਲਬ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਬੀਬੀ ਧੜਾ 50 ਤੋਂ 55 ਦੇ ਕਰੀਬ ਵੋਟਾਂ ਲੈ ਸਕਦਾ ਹੈ ਤੇ ਐਡਵੋਕੇਟ ਧਾਮੀ 85 ਤੋਂ 90 ਦੇ ਆਸਪਾਸ ਤੋਂ ਵੱਧ ਵੋਟਾਂ ਲੈ ਸਕਦੇ ਹਨ।