ਚੰਡੀਗੜ੍ਹ: ਬੀਬੀ ਜਗੀਰ ਕੌਰ ਦੇ ਮਾਮਲੇ ’ਚ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਲਈ ਸਾਜਿਸ਼ ਰੱਚ ਰਹੀ ਹੈ। 


COMMERCIAL BREAK
SCROLL TO CONTINUE READING


ਇਕਬਾਲ ਸਿੰਘ ਲਾਲਪੁਰਾ ਨੂੰ ਅਹੁਦੇ ਤੋਂ ਕੀਤਾ ਜਾਵੇ ਬਰਖ਼ਾਸਤ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਕਿਉਂਕਿ ਉਹ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖ਼ਲਅੰਦਾਜੀ ਕਰ ਰਹੇ ਹਨ। 



 



ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਭਾਜਪਾ ਕਰ ਰਹੀ ਦਖ਼ਲਅੰਦਾਜੀ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪਹਿਲਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ’ਚ ਲੈ ਲਿਆ। ਉਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਭਾਜਪਾ ਨੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ। ਹਰਿਆਣਾ ’ਚ ਗੁਰਦੁਆਰਿਆਂ ਦੀ ਵੱਖਰੀ ਪ੍ਰਬੰਧਕ ਕਮੇਟੀ ਬਣਾਕੇ ਸਿੱਖਾਂ ਨੂੰ ਕਮਜ਼ੋਰ ਕੀਤਾ ਗਿਆ। 


 



ਬੀਬੀ ਜਗੀਰ ਕੌਰ ਨੂੰ ਅੰਦਰਖਾਤੇ ਭਾਜਪਾ ਦੀ ਹਮਾਇਤ: ਅਕਾਲੀ ਦਲ
ਅਕਾਲੀ ਲੀਡਰਾਂ ਨੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਤੇ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਆਖ ਰਹੇ ਹਨ। ਇਹ ਹੀ ਕਾਰਨ ਹੈ ਕਿ ਬੀਬੀ ਜਗੀਰ ਕੌਰ (Bibi Jagir Kaur) ਅਕਾਲੀ ਦਲ ਦੇ ਸੀਨੀਅਰ ਲੀਡਰਾਂ ’ਤੇ ਸਮਝਾਉਣ ਦੇ ਬਾਵਜੂਦ ਪਾਰਟੀ ਤੋਂ ਬਗਾਵਤ ਕਰਕੇ SGPC ਪ੍ਰਧਾਨ ਦੀ ਚੋਣ ਲੜਨ ਦੇ ਫ਼ੈਸਲੇ ’ਤੇ ਕਾਇਮ ਹਨ। 



ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਨ੍ਹਾਂ ਦੀ ਜ਼ਿੰਮੇਵਾਰੀ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਨਾ ਕਿ ਘੱਟ ਗਿਣਤੀ ਸਿੱਖਾਂ ਦੇ ਉਲਟ ਕੰਮ ਕਰਨ।