Amirtsar News(ਭਰਤ ਸ਼ਰਮਾ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਸਾਰੀ ਕਾਰਵਾਈ ਨੂੰ ਇੱਕ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁੱਤ ਹਰਪ੍ਰੀਤ ਸਿੰਘ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ।


COMMERCIAL BREAK
SCROLL TO CONTINUE READING

ਜ਼ੀ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦਾ ਅਕਸ਼ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦਾ ਬੇਟਾ ਹਰਪ੍ਰੀਤ ਸਿੰਘ ਤਿੰਨ- ਚਾਰ ਸਾਲ ਪਹਿਲਾਂ ਹੀ ਪੰਜਾਬ ਆਇਆ ਸੀ। ਉਸਦੀ ਉਮਰ 34 ਸਾਲ ਹੈ ਅਤੇ ਉਹ ਸ਼ਾਦੀਸ਼ੁਦਾ ਹੈ।


ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਜਲੰਧਰ ਦਿਹਾਤੀ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਤਰਸੇਮ ਸਿੰਘ ਨੇ ਕਿਹਾ ਕਿ ਹਰਪ੍ਰੀਤ ਸਿੰਘ ਦੇ ਨਾਲ ਜਿਹੜੇ ਦੋ ਹੋਰ ਨੌਜਵਾਨਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਉਸ ਦੇ ਬਾਰੇ ਵੀ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਕੌਣ ਹਨ। 


ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਉਨਾਂ ਨੇ ਕਿਹਾ ਕਿ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੀ ਹਲੇ ਤੱਕ ਕੋਈ ਵੀ ਗੱਲ ਨਹੀਂ ਹੋਈ, ਜੋ ਵੀ ਅੱਗੇ ਕਾਨੂੰਨੀ ਪ੍ਰਕਿਰਿਆ ਹੋਵੇਗੀ ਉਹਨਾਂ ਵੱਲੋਂ ਉਹ ਲੜੀ ਜਾਵੇਗੀ।


ਉਨ੍ਹਾਂ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਦੇ ਵੀ ਨਿਰਪੱਖਤਾ ਨਾਲ ਕੰਮ ਨਹੀਂ ਕਰਦੀ, ਉਹ ਤਾਂ ਇਹ ਵੀ ਕਹਿ ਸਕਦੀ ਹੈ ਕਿ ਹਰਪ੍ਰੀਤ ਨਾਜਾਇਜ਼ ਹਥਿਆਰਾਂ ਸਮੇਤ ਫੜਿਆ ਗਿਆ ਹੈ। ਸਰਕਾਰ ਡਰੱਗ ਮਾਫੀਆ ਖ਼ਿਲਾਫ਼ ਕੰਮ ਕਰਨ ਦੀ ਬਜਾਏ ਲੋਕਾਂ ਨੂੰ ਤੰਗ ਕਰ ਰਹੀ ਹੈ।