Amritpal Singh News: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਇਨ੍ਹੀਂ ਦਿਨੀਂ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਹੈ ਪਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ, ਜਿਸ 'ਚ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
Trending Photos
Amritpal Singh News: ਪੰਜਾਬ ਪੁਲਿਸ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਲਗਾਤਾਰ ਭਾਲ ਕਰ ਰਹੀ ਹੈ। ਇਸ ਦੌਰਾਨ ਉਸ ਨੇ ਪਹਿਲਾਂ ਆਡੀਓ ਅਤੇ ਫਿਰ ਵੀਡੀਓ ਜਾਰੀ ਕਰਕੇ ਪੁਲਿਸ ਨੂੰ ਚੁਣੌਤੀ ਦਿੱਤੀ ਹੈ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਕਮੇਟੀ ਆਗੂਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਗਰਮ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ।
ਇਹ ਵੀ ਪੜ੍ਹੋ: Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਇਸ ਮੀਟਿੰਗ ਵਿੱਚ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਦੋਵੇਂ ਸਰਕਾਰਾਂ ਦੇ ਸਿਆਸੀ ਹਿੱਤ ਹਨ, ਜਿਸ ਲਈ ਕਿਸਾਨ ਜਥੇਬੰਦੀ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ 'ਤੇ ਲਗਾਇਆ ਰਾਸ਼ਟਰੀ ਸੁਰੱਖਿਆ ਕਾਨੂੰਨ ਵਾਪਸ ਲੈਣ, ਆਸਾਮ ਭੇਜੇ ਗਏ ਨੌਜਵਾਨਾਂ ਨੂੰ ਤੁਰੰਤ ਪੰਜਾਬ ਵਾਪਸ ਲਿਆਉਣ, ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਬਲਾਂ ਨੂੰ ਪੰਜਾਬ ਭੇਜਣ ਦੀ ਮੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ 3 ਅਪਰੈਲ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਡੀਸੀ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਵੀ ਕੀਤਾ।
ਜੋਗਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕੁਝ ਵੀ ਗੈਰ-ਕਾਨੂੰਨੀ ਹੋ ਰਿਹਾ ਹੈ ਤਾਂ ਪੁਲਿਸ ਨੂੰ ਇਸ ਸੰਬੰਧੀ ਕਾਰਵਾਈ ਕਰਨੀ ਚਾਹੀਦੀ ਹੈ ਪਰ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਵੱਡੇ ਪੱਧਰ 'ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਨੈਸ਼ਨਲ ਸਕਿਓਰਿਟੀ ਐਕਟ ਵਰਗਾ ਖਤਰਨਾਕ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ। ਐਨਆਈਏ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਬਲਾਂ ਦੀ ਕੀਮਤ ਪੰਜਾਬ 'ਤੇ ਥੋਪੀ ਜਾ ਰਹੀ ਹੈ ਜਦਕਿ ਪੰਜਾਬ 'ਚ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬਦਨਾਮ ਕਰਨ ਦੀ ਚਾਲ ਖੇਡੀ ਹੈ। ਇਸ ਸੰਬੰਧੀ 3 ਅਪਰੈਲ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸੰਬੰਧੀ ਅੱਜ ਇਹ ਮੀਟਿੰਗ ਕੀਤੀ ਗਈ।