Amritsar News(ਪਰਮਬੀਰ ਔਲਖ): ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਨਾਲ ਸੰਬੰਧਿਤ ਇੱਕ ਐਨਆਰਆਈ ਵਿਅਕਤੀ ਨਾਲ ਹੋਈ ਮਾਰਕੁੱਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ। ਇਸ ਸੰਬੰਧ ਦੇ ਵਿੱਚ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਸੀਐਮ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਦੇ ਵਿੱਚ ਉਚਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਐਨਆਰਆਈ ਕਮਲਜੀਤ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਜਿੱਥੇ ਉਹਨਾਂ ਮਾਰਕੁੱਟ ਦੇ ਸ਼ਿਕਾਰ ਹੋਏ ਇਸ ਐਨਆਰਆਈ ਦੀ ਸਿਹਤ ਬਾਰੇ ਪੁੱਛਿਆ। ਤੁਹਾਨੂੰ ਦੱਸ ਦਈਏ ਕਿ ਮਾਰਕੁੱਟ ਦੇ ਇਸ ਮਾਮਲੇ ਦੇ ਵਿੱਚ ਐਨਆਰਆਈ ਪੰਜਾਬੀ ਨੌਜਵਾਨ ਦਾ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਦੇ ਠੇਕੇਦਾਰ ਦੇ ਕਰਿੰਦਿਆਂ ਦੇ ਨਾਲ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ ਉਸ ਨੂੰ ਗਹਿਰੀਆਂ ਸੱਟਾਂ ਲੱਗੀਆਂ ਸਨ। ਜਿਸ ਤੋਂ ਬਾਅਦ ਉਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।


ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ। ਉਸ ਨੇ ਖੇਤਰੀ ਭੇਦਭਾਵ ਦਾ ਵੀ ਦੋਸ਼ ਲਾਇਆ ਅਤੇ ਕਿਹਾ ਕਿ ਉਸ 'ਤੇ ਕਰੀਬ 100 ਲੋਕਾਂ ਨੇ ਹਮਲਾ ਕੀਤਾ ਸੀ।


ਉਸ ਨੇ ਹਿਮਾਚਲ ਪੁਲਿਸ 'ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਦੋਸ਼ ਲਗਾਇਆ ਹੈ। ਫ਼ਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ। ਉਹ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਘੁੰਮਣ ਗਿਆ ਸੀ।


ਇਸ ਘਟਨਾ ਨੂੰ ਲੈ ਕੇ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਹੈ।  ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਐਨਆਰਆਈ ਵਿਅਕਤੀ ’ਤੇ ਕੁੱਟਮਾਰ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਹਰ ਹਾਲਤ ਵਿੱਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਨਾਲ ਖੜ੍ਹੀ ਹੈ। ਇਸ ਮਾਮਲੇ ਵਿੱਚ  ਬਣਦੀ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।