Amritsar News: ਪੁਲਿਸ ਨੇ ਚਾਰ ਲੁਟੇਰਿਆਂ ਨੂੰ ਕੀਤਾ ਕਾਬੂ, 11 ਮੋਬਾਈਲ ਫੋਨ ਤੇ 1 ਮੋਟਰਸਾਇਕਲ ਕੀਤਾ ਬਰਾਮਦ
Amritsar News: ਨਵੰਬਰ ਮਹੀਨੇ ਭੰਡਾਰੀ ਪੁਲ `ਤੇ ਬਾਹਰੋਂ ਆਏ ਨੌਜਵਾਨਾਂ ਨਾਲ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਮਾਮਲੇ ਵਿੱਚ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
Amritsar News: ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ ਲੁੱਟੇ ਹੋਏ 11 ਮੋਬਾਈਲ ਫੋਨ ਬਰਾਮਦ ਕੀਤੇ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਤੋਂ ਚੋਰੀ ਦਾ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਨੌਜਵਾਨਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਅਤੇ ਲੁਟੇਰਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਵਲ ਲਾਈਨ ਥਾਣੇ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਲੁੱਟ-ਖੋਹ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ।
ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ ਮਹੀਨੇ ਭੰਡਾਰੀ ਪੁਲ 'ਤੇ ਬਾਹਰੋਂ ਆਏ ਨੌਜਵਾਨਾਂ ਨਾਲ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਸੀ। ਇਨ੍ਹਾਂ ਲੁਟੇਰਿਆਂ ਨੇ ਉਨ੍ਹਾਂ ਨੌਜਵਾਨਾਂ ਦੇ ਨਾਲ ਲੁੱਟ-ਖੋਹ ਕੀਤੀ ਸੀ। ਜਿਸ ਤੋਂ ਬਾਅਦ ਸਾਡੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਪਿੰਡ ਵਰਪਾਲ ਤੋਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਰਪਾਲ ਦੇ ਰਹਿਣ ਵਾਲੇ ਹਨ।
ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਚਾਰ ਨੌਜਵਾਨਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ 11 ਮੋਬਾਈਲ ਫੋਨ ਲੁੱਟੇ ਗਏ ਹਨ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਏਸੀਪੀ ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਅਪਰਾਧੀ ਕਿਸਮ ਦੇ ਨੌਜਵਾਨ ਹਨ ਅਤੇ ਇਨ੍ਹਾਂ ਖ਼ਿਲਾਫ਼ ਕਤਲ ਦੇ ਮਾਮਲੇ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਉਮਰ 20 ਤੋਂ 25 ਸਾਲ ਹੈ ਅਤੇ ਉਹ ਨਸ਼ਿਆਂ ਦੇ ਵੀ ਆਦੀ ਹਨ।