Bribe Case: ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ `ਚ 4,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਵੁਮੈਨ ਸੈੱਲ ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ ''ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿੱਚ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਤੇ ਇਸਦੀ ਸ਼ਿਕਾਇਤ ਏਐਸਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏਐਸਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ।
ਉਸ ਨੇ ਅੱਗੇ ਦੱਸਿਆ ਕਿ ਉਸਦੇ ਤੇ ਉਕਤ ਏਐਸਆਈ ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏਐਸਆਈ 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਉਤੇ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'
ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Kulhad Pizza Couple Video: ਕੁਲੜ ਪੀਜ਼ਾ ਜੋੜੇ ਦੇ ਹੱਕ 'ਚ ਆਏ WWE ਪਲੇਅਰ ਵਿੱਕੀ ਥਾਮਸ, ਵੀਡੀਓ ਨੂੰ ਸ਼ੇਅਰ ਨਾ ਕਰਨ ਦੀ ਕੀਤੀ ਅਪੀਲ