Fatehgarh Sahib News: ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜਮੇਲ ਆਰੰਭ
Fatehgarh Sahib News: ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜਮੇਲ ਦੀ ਸ਼ੁਰੂਆਤ ਹੋਈ।
Fatehgarh Sahib News: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜਮੇਲ ਦੀ ਅੱਜ ਸ਼ੁਰੂਆਤ ਹੋਈ।
ਜੋੜਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਗਿਆਨੀ ਅਤਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਉਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੀ ਸੰਪੂਰਨ ਸਮਾਪਤੀ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ ਜਿਸਦੀ ਸੰਪੂਰਨ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕੀਤੀ ਜਾਵੇਗੀ। ਇਸ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਪਹੁੰਚ ਦੀਆਂ ਹਨ।
ਇਹ ਵੀ ਪੜ੍ਹੋ : Earthquake In Leh: ਭਾਰਤ 'ਚ ਤੜਕੇ ਹੀ ਕੰਬ ਗਈ ਧਰਤੀ, ਕਸ਼ਮੀਰ ਤੋਂ ਲੈ ਕੇ ਲੱਦਾਖ ਤੱਕ ਆਇਆ ਭੂਚਾਲ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਲੱਖਾਂ ਦੀ ਤਦਾਦ ਵਿੱਚ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤ ਦੇਸ਼ ਭਰ ਵਿੱਚੋਂ ਨਤਮਸਤਕ ਹੁੰਦੀ ਹੈ ਤੇ ਸੰਗਤ ਦੇ ਆਮਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡੀਸੀ ਪਰਨੀਤ ਸ਼ੇਰਗਿੱਲ ਨੇ ਅੱਗੇ ਦੱਸਿਆ ਕਿ ਸ਼ਹੀਦੀ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਸਕੀਮਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਾਈ ਜਾਵੇਗੀ।
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਧਾਰਮਿਕ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ। 26 ਦਸੰਬਰ ਨੂੰ ਆਮ ਖ਼ਾਸ ਬਾਗ਼ ਵਿੱਚ ਇਤਿਹਾਸਕ ਨਾਟਕ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Delhi Flights News: ਦਿੱਲੀ-ਲਖਨਊ-ਅੰਮ੍ਰਿਤਸਰ ਹਵਾਈ ਅੱਡੇ 'ਤੇ 30 ਤੋਂ ਵੱਧ ਉਡਾਣਾਂ ਲੇਟ, ਧੁੰਦ ਕਾਰਨ ਵਿਜ਼ੀਬਿਲਟੀ ਘਟੀ
ਫਤਿਹਗੜ੍ਹ ਸਾਹਿਬ ਤੋਂ ਜਗਮੀਤ ਸਿੰਘ ਦੀ ਰਿਪੋਰਟ