Trending Photos
Kaithal Sikh Attack News: ਹਰਿਆਣਾ ਦੇ ਕੈਥਲ ਵਿੱਚ ਸਿੱਖ ਨੌਜਵਾਨ ਨੂੰ ਖ਼ਾਲਿਸਤਾਨੀ ਕਹਿ ਕੇ ਹਮਲਾ ਕਰਨ ਦੀ ਘਟਨਾ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਪੰਜਾਬ ਵਿੱਚ ਇਸ ਘਟਨਾ ਦੀ ਕੜੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨਿਖੇਧੀ ਕੀਤੀ ਹੈ।
ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕੈਥਲ ਵਿੱਚ ਸਿੱਖ ਨੌਜਵਾਨ ਨੂੰ ਵੱਖਵਾਦੀ ਦੱਸ ਕੇ ਘਿਨੌਣੇ ਹਮਲੇ ਦੀ ਨਿਖੇਧੀ ਕਰਦੀ ਹੈ। ਇਹ ਨਫਰਤ ਅਤ ਫਿਰਕੂ ਧਰੁਵੀਕਰਨ ਦੀ ਸਿਆਸਤ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਇੰਦਰਾ ਗਾਂਧੀ ਦੇ ਖ਼ਤਰਨਾਕ ਸਿੱਖ ਵਿਰੋਧੀ ਦੌਰ ਨੂੰ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਹ ਸਿੱਖਾਂ ਦੀ ਸਭ ਤੋਂ ਵੱਧ ਦੇਸ਼ ਭਗਤ ਕੌਮ ਨੂੰ ਜ਼ਲੀਲ ਕਰਨ ਦੀ ਗਿਣੀ ਮਿਥੀ ਕੋਸ਼ਿਸ਼ ਹੈ। ਇਸ ਨਾਲ ਸਿੱਖਾਂ ਦੀ ਠੇਸ ਅਤੇ ਬੇਗਾਨਗੀ ਦੀ ਭਾਵਨਾ ਹੋਰ ਡੂੰਘੀ ਹੋਵੇਗੀ। ਫਿਰਕੂ ਧਰੁਵੀਕਰਨ ਦੀ ਇਹੀ ਸਿਆਸਤ ਪੰਜਾਬ ਨੂੰ ਆਪਣੀ ਲਪੇਟ ਵਿਚ ਲੈ ਕੇ ਇੱਥੋਂ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਤਰੇ ਵਿਚ ਪਾ ਰਹੀ ਹੈ।
ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਤੋਂ ਮੁਲਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਅਕਾਲੀ ਦਲ ਪੰਜਾਬ ਤੇ ਦੇਸ਼ ਵਾਸੀਆਂ ਨੂੰ ਸਸਤੇ ਸਿਆਸੀ ਲਾਹੇ ਲਈ ਪੰਜਾਬ ਅਤੇ ਦੇਸ਼ ਨੂੰ ਫਿਰਕੂ ਨਫ਼ਰਤ ਤੇ ਹਿੰਸਾ ਦੇ ਕਾਲੇ ਦੌਰ ਵਿੱਚ ਧੱਕਣ ਦੀਆਂ ਇਨ੍ਹਾਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਾ ਹੈ।
ਇਸ ਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਹਰਿਆਣਾ ਦੇ ਕੈਥਲ ਵਿੱਚ ਇੱਕ ਸਿੱਖ ਨੌਜਵਾਨ ਸੁਖਵਿੰਦਰ ਸਿੰਘ ਉੱਪਰ ਬਿਨਾਂ ਕਿਸੇ ਦੋਸ਼ ਦੇ ਖਾਲਿਸਤਾਨੀ ਕਹਿ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ । ਹਰਿਆਣਾ ਸਰਕਾਰ ਦੋਸ਼ੀਆਂ ਦੀ ਪੜਤਾਲ ਕਰਕੇ ਤੁਰੰਤ ਕਾਰਵਾਈ ਕਰੇ ਤੇ ਦੋਸ਼ੀਆਂ ਨੂੰ ਸਜ਼ਾ ਦੇਵੇ ਤਾਂ ਜੋ ਸਮਾਜ ਵਿੱਚ ਅਜਿਹੀਆਂ ਫ਼ਿਰਕੂ ਘਟਨਾਵਾਂ ਉਤੇ ਠੱਲ੍ਹ ਪਾਈ ਜਾ ਸਕੇ।
ਇਸ ਤੋਂ ਇਲਾਵਾ ਲੁਧਿਆਣਾ ਦੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਨੂੰ ਲੈ ਕੇ ਕੰਗਨਾ ਰਣੌਤ ਉਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ ਕਿ ਹਰਿਆਣਾ ਦੇ ਕੈਥਲ ਵਿੱਚ ਇੱਕ ਸਿੱਖ ਨੌਜਵਾਨ ਉਤੇ ਹਮਲਾ ਹੋਇਆ ਹੈ। ਇਹ ਹਮਲਾ ਪੰਜਾਬੀ ਖਿਲਾਫ਼ ਨਫ਼ਰਤ ਭਰੇ ਭਾਸ਼ਣਾਂ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਭ ਤੋਂ ਮਹੱਤਵਪੂਰਨ ਭਾਜਪਾ ਦੇ ਅੰਦਰ ਇਹ ਯਕੀਨੀ ਬਣਾਉਣ ਲਈ ਕਿ ਇਹ ਜੰਗਲੀ ਅੱਗ ਵਾਂਗ ਨਾ ਫੈਲੇ ਤੇ ਦੇਸ਼ ਦੀ ਫਿਰਕੂ ਸਦਭਾਵਨਾ ਨੂੰ ਨੁਕਸਾਨ ਨਾ ਪਹੁੰਚਾਏ।
ਇਹ ਵੀ ਪੜ੍ਹੋ : Attack on Sikh youth: ਸਿੱਖ ਨੌਜਵਾਨ 'ਤੇ ਖਾਲਿਸਤਾਨੀ ਕਹਿ ਕੇ ਹਮਲਾ, ਮਜੀਠੀਆ ਨੇ ਚੁੱਕੇ ਸਵਾਲ