Pspcl Appointment Letters News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ।“  ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ। 


ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ, 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਪਿੰਡ ਮਹਾਨ ਗੁਰੂਆਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦਾਂ ਨਾਲ ਸਬਧੰਤ ਹਨ ਅਤੇ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਦੀ ਕੋਈ ਥਾਹ ਨਹੀਂ  ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ।