ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ `ਤੇ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਮੰਗੀ
ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਲਈ ਜ਼ਮੀਨ ਦੇਣ ’ਤੇ ਮੋਹਰ ਲਾਈ ਜਿਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਟਵੀਟ ਕਰ ਕੇ ਦਿੱਤੀ ਗਈ।
ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸੂਬੇ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਹਾਂ ’ਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੇ ਦੋਸ਼ ਲਾਏ ਹਨ। ਉਧਰ, ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਤੋਂ ਹਰਿਆਣਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਮੰਗ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ-ਵੱਖ ਕਰਨ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਹੈ।
ਇਸ ਲਈ ਕੇਂਦਰ ਸਰਕਾਰ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਅਤੇ ਵੱਖਰੀ ਹਾਈ ਕੋਰਟ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।