Yaariyan-2 Controversy: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫਿਲਮ ਦੇ ਜਾਰੀ ਹੋਏ ਇੱਕ ਗੀਤ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ। ਭਾਈ ਗਰੇਵਾਲ ਨੇ ਆਖਿਆ ਕਿ ਅਕਸਰ ਫਿਲਮਾਂ ਅੰਦਰ ਸਿੱਖ ਮਰਯਾਦਾ, ਸਿਧਾਂਤਾਂ ਅਤੇ ਰਹਿਣੀ ਨੂੰ ਸੱਟ ਮਾਰਨ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਪਰ ਕੇਂਦਰ ਸਰਕਾਰ ਅਜਿਹੇ ਸੰਜੀਦਾ ਮਾਮਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਆਖਿਆ ਕਿ ਫਿਲਮ ਸੈਂਸਰ ਬੋਰਡ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਖ਼ਿਆਲ ਵਿੱਚ ਰੱਖ ਕੇ ਕਦੇ ਵੀ ਫਿਲਮਾਂ ਦਾ ਨਿਰੀਖਣ ਨਹੀਂ ਕੀਤਾ ਜਾਂਦਾ। ਇਸੇ ਕਰਕੇ ਹੀ ਫਿਲਮ ਨਿਰਮਾਤਾ, ਨਿਰਦੇਸ਼ਕ ਤੇ ਅਦਾਕਾਰ ਅਜਿਹੀਆਂ ਆਪ ਹੁਦਰੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਂਸਰ ਬੋਰਡ ਨੇ ਇਹ ਯਕੀਨੀ ਬਣਾਉਣਾ ਹੁੰਦਾ ਹੈ ਕਿ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਖਿਲਾਫ਼ ਕੋਈ ਵੀ ਫਿਲਮਾਂਕਣ ਨਾ ਹੋਵੇ ਪਰ ਸਭ ਜਾਣਦਿਆਂ ਵੀ ਇਹ ਰੁਝਾਨ ਜਾਰੀ ਹੈ। ਉਨ੍ਹਾਂ ਕਿਹਾ ਕਿ ਯਾਰੀਆਂ-2 ਫਿਲਮ ਦੇ ਗੀਤ ਵਿਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਤਾਰ-ਤਾਰ ਕੀਤਾ ਗਿਆ ਅਤੇ ਸਰਕਾਰਾਂ ਫਿਰ ਵੀ ਚੁੱਪ ਹਨ।


ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਫਿਲਮ ਦੇ ਗੀਤ ’ਚ ਸਿੱਖ ਵਿਰੋਧੀ ਹਰਕਤ ਖ਼ਿਲਾਫ਼ ਭਾਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ ਪਰ ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਹਰਕਤ ’ਚ ਆਉਣਾ ਚਾਹੀਦਾ ਹੈ।


ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਸਖ਼ਤੀ ਨਾਲ ਪੇਸ਼ ਆਉਣ। ਭਾਈ ਗਰੇਵਾਲ ਨੇ ਇਹ ਵੀ ਕਿਹਾ ਕਿ ਫਿਲਮ ਸੈਂਸਰ ਬੋਰਡ ਵਿਚ ਹਰ ਧਰਮ ਦਾ ਨੁਮਾਇੰਦਾ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਦੇ ਵਿਰੁੱਧ ਕੋਈ ਦ੍ਰਿਸ਼ ਜਨਤਕ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਕਈ ਵਾਰ ਜਨਰਲ ਇਜਲਾਸਾਂ ਦੌਰਾਨ ਮਤੇ ਪਾਸ ਕਰਕੇ ਵੀ ਸਰਕਾਰਾਂ ਨੂੰ ਭੇਜ ਚੁੱਕੀ ਹੈ। ਇਸ ਦੇ ਬਾਵਜੂਦ ਵੀ ਸਰਕਾਰਾਂ ਨੇ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ।


ਉਨ੍ਹਾਂ ਕਿਹਾ ਕਿ ਭਾਵੇਂ ‘ਯਾਰੀਆਂ-2’ ਫਿਲਮ ’ਚ ਸਿੱਖ ਵਿਰੋਧੀ ਹਰਕਤ ਨੂੰ ਲੈ ਕੇ ਭਾਜਪਾ ਦੇ ਨੁਮਾਇੰਦੇ ਵੀ ਫਿਲਮ ਦਾ ਵਿਰੋਧ ਕਰ ਰਹੇ ਹਨ ਪਰ ਦੁੱਖ ਦੀ ਗੱਲ ਹੈ ਕਿ ਉਹ ਆਪਣੀ ਸਰਕਾਰ ’ਤੇ ਕਾਰਵਾਈ ਲਈ ਦਬਾਅ ਨਹੀਂ ਬਣਾ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ‘ਯਾਰੀਆਂ-2’ ਫਿਲਮ ਦੇ ਸਿੱਖ ਵਿਰੋਧੀ ਹਿੱਸੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਪਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਬੰਧਤ ਵਿਭਾਗਾਂ ਦੇ ਮੰਤਰੀਆਂ ਨਾਲ ਦੋਸ਼ੀਆਂ ਖਿਲਾਫ ਕਾਰਵਾਈ ਸਬੰਧੀ ਵੀ ਗੱਲ ਕਰਨ।


ਉਨ੍ਹਾਂ ਕਿਹਾ ਕਿ ਕੇਵਲ ਲੋਕਾਂ ਨੂੰ ਦਿਖਾਉਣ ਲਈ ਰਾਜਸੀ ਬਿਆਨ ਭਾਜਪਾ ਦੇ ਆਗੂਆਂ ਦੀ ਸੰਜੀਦਗੀ ਨਹੀਂ ਦਰਸਾ ਸਕਦੇ, ਜਦ ਤੱਕ ਉਹ ਕਾਰਵਾਈ ਕਰਾਉਣ ਲਈ ਯਤਨ ਨਾ ਕਰਨ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਬੇਹੱਦ ਸੰਜੀਦਾ ਢੰਗ ਨਾਲ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਪਾਸ ਸ਼ਿਕਾਇਤ ਦੇਣ ਦੇ ਨਾਲ-ਨਾਲ ਕਾਨੂੰਨੀ ਵਿਭਾਗ ਰਾਹੀਂ ਵੀ ਮਾਮਲਾ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਅੰਦਰ ਅਜਿਹੀਆਂ ਹਰਕਤਾਂ ਰੋਕਣ ਲਈ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੱਕ ਵੀ ਪਹੁੰਚ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Tarntaran Encounter: ਮੁਕਾਬਲੇ ਮਗਰੋਂ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਲੁਟੇਰਾ ਹੋਇਆ ਜ਼ਖ਼ਮੀ