ਚੰਡੀਗੜ: ਮਾਨਸਾ ਜ਼ਿਲੇ ਦੇ ਪਿੰਡਾਂ ਵਿਚ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਤੋਂ ਪ੍ਰੇਸ਼ਾਨ ਹੋ ਪਿੰਡਾਂ ਵਿਚ ਕਿਸਾਨਾਂ ਵੱਲੋਂ ਬੀਜੀ ਨਰਮੇਂ ਦੀ ਫਸਲ ਟ੍ਰੈਕਟਰ ਨਾਲ ਵਾਹੀ ਜਾ ਰਹੀ ਹੈ। ਗੁਲਾਬੀ ਸੁੰਡੀ ਦੇ ਹਮਲੇ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਦੀ ਜਲਦੀ ਗਿਰਦਾਵਰੀ ਕਰਵਾਕੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ ਗਿਆ। ਉਥੇ ਐਲਾਨ ਕੀਤਾ ਕਿ ਤਿੰਨ ਅਗਸਤ ਨੂੰ ਪੰਜਾਬ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾਣਗੇ।


COMMERCIAL BREAK
SCROLL TO CONTINUE READING

 


ਬੀ. ਕੇ. ਯੂ.  ਸਿੱਧੂਪੁਰ ਦੇ ਸੂਬਾ ਆਗੂ ਕਾਕਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਨਰਮੇ ਦੀ ਫਸਲ ਫਿਰ ਮਰ ਚੁੱਕੀ ਹੈ ਜਿਸ ਕਾਰਨ ਮਜਬੂਰੀ ਵਿਚ ਕਿਸਾਨ ਨਰਮੇ ਦੀ ਫਸਲ ਨੂੰ ਵਾਹ ਰਹੇ ਹਨ। ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਫੌਰੀ ਤੌਰ ਤੇ ਮੀਟਿੰਗ ਕਰਕੇ ਅੱਜ ਚਾਰ ਜ਼ਿਲਿਆਂ ਵਿਚ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜਮੀਨ ਖਾਲੀ ਨਹੀਂ ਰੱਖ ਸਕਦਾ ਕਿਉਂਕਿ ਫਸਲ ਵਾਹੁਣ ਤੋਂ ਬਾਅਦ ਅਗਲੀ ਫਸਲ ਦੀ ਬਿਜਾਈ ਕਰਨੀ ਹੈ ਇਸ ਲਈ ਸਾਡੀ ਮੰਗ ਹੈ ਕਿ ਸਰਕਾਰ ਤੁਰੰਤ ਫਸਲ ਵਾਹੁਣ ਵਾਲੇ ਕਿਸਾਨਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦੇਵੇ ਅਤੇ ਖੇਤਾਂ ਵਿੱਚ ਖੜੀ ਨਰਮੇ ਦੀ ਫਸਲ ਨੂੰ ਬਚਾਉਣ ਦਾ ਪ੍ਰਬੰਧ ਕਰੇ।


 


ਬੀ. ਕੇ. ਯੂ.  ਸਿੱਧੂਪੁਰ ਦੇ ਜ਼ਿਲਾ ਆਗੂ ਮੱਖਣ ਸਿੰਘ ਅਤੇ ਜਗਦੇਵ ਸਿੰਘ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਕਿਸਾਨ ਨਰਮੇ ਦੀ ਫਸਲ ਵਾਹ ਰਹੇ ਹਨ ਇਸ ਲਈ ਸਾਡੀ ਮੰਗ ਹੈ ਕਿ ਸਰਕਾਰ ਨਰਮਾ ਵਾਹ ਰਹੇ ਕਿਸਾਨਾਂ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜਾ ਜਾਰੀ ਕਰੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਦੀ ਫਸਲ ਐਮ. ਐਸ. ਪੀ. ਉਪਰ ਖਰੀਦਣ ਦਾ ਐਲਾਨ ਕੀਤਾ ਸੀ ਪਰ ਹੁਣ ਫਸਲ ਵੇਚਣ ਸਮੇਂ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮੰਗਾਂ ਨੂੰ ਲੈ ਕੇ ਅੱਜ ਚਾਰ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵੱਲੋਂ 3 ਅਗਸਤ ਨੂੰ ਪੰਜਾਬ ਪੱਧਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।


 


WATCH LIVE TV