ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਫਾਈਲਾਂ ਅਤੇ ਸਬੂਤ ਮੰਗੇ ਹਨ। ਕੈਪਟਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੇ ਸਬੂਤ ਹਨ। ਖਾਸ ਤੌਰ 'ਤੇ ਜਿਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਨੂੰ ਲੁੱਟਿਆ ਹੈ। ਜਲਦ ਹੀ ਕੈਪਟਨ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਾਨੂੰ ਸਬੂਤ ਦਿਓ, ਅਸੀਂ ਸਾਰੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਾਂਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਖੁੱਲ੍ਹੇਆਮ ਭ੍ਰਿਸ਼ਟਾਚਾਰ ਹੋਇਆ ਹੈ। ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ।


COMMERCIAL BREAK
SCROLL TO CONTINUE READING

ਉਸ ਸਮੇਂ ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀਆਂ ਫਾਈਲਾਂ ਤੇ ਸਬੂਤ ਹਨ। ਮੈਂ ਕੈਪਟਨ ਸਾਬ੍ਹ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬੂਤ ਅਤੇ ਫਾਈਲਾਂ ਸਰਕਾਰ ਨੂੰ ਸੌਂਪਣ।


ਆਪਣੇ ਮੰਤਰੀ ਨੂੰ ਬਰਖਾਸਤ ਕਰਨ ਵਾਲੇ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ ਨੂੰ ਜੋ ਵੀ ਸਬੂਤ ਦੇਣਗੇ, ਸਰਕਾਰ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕਰੇਗੀ। ਚਾਹੇ ਉਹ ਮੰਤਰੀ ਹੋਵੇ, ਵਿਧਾਇਕ ਹੋਵੇ ਜਾਂ ਅਧਿਕਾਰੀ। ਅਜਿਹੇ ਭ੍ਰਿਸ਼ਟ ਲੋਕਾਂ ਦਾ ਟਿਕਾਣਾ ਖੁੱਲ੍ਹੇਆਮ ਘੁੰਮਣ ਦਾ ਨਹੀਂ ਹੈ ਸਗੋਂ ਜੇਲ੍ਹ ਜਾਣ ਦਾ ਹੈ।