ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਣਗੇ। ਬਲਕਿ ਇਸ ਵਾਰ ਤਾਂ ਪਾਇਲਟ ਕੋਈ ਹੋਰ ਹੀ ਹੋਵੇਗਾ- ਸਿਰਸਾ
Trending Photos
ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਗੱਠਜੋੜ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਹਨਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੋਣਗੇ। ਬਲਕਿ ਇਸ ਵਾਰ ਤਾਂ ਪਾਇਲਟ ਕੋਈ ਹੋਰ ਹੀ ਹੋਵੇਗਾ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ, ਉਹਨਾਂ ਆਖਿਆ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜਿਸਦਾ ਕੋਈ ਨਿੱਜੀ ਹਿੱਤ ਨਾ ਹੋਵੇ।
ਇਸ ਤੋਂ ਇਲਾਵਾ ਮਨਜਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਇਸ ਵਾਰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਦਾਅਵੇ ਸਿਰਫ਼ ਝੂਠ ਤੱਕ ਹੀ ਸੀਮਤ ਹਨ। ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਾਖੋਰੀ, ਮਾਫੀਆ ਰਾਜ, ਕਰਜ਼ੇ ਤੋਂ ਮੁਕਤ ਕਰਨ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਪਰ ਇਸ ਸਮੇਂ ਦੀਆਂ ਪਾਰਟੀਆਂ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਦਾਅ 'ਤੇ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਨੂੰ ਗਲੇ ਲਗਾ ਲਿਆ ਹੈ। ਕਾਂਗਰਸ ਨੇ ਸਿੱਖਾਂ ਦੀਆਂ ਕਾਲੀ ਸੂਚੀਆਂ ਬਣਾਈਆਂ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਭਾਜਪਾ ਦੀ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਵੇਗੀ। ਉਨ੍ਹਾਂ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਹਮੇਸ਼ਾ ਕਹਿੰਦਾ ਹੈ ਕਿ ਪੰਜਾਬ ਜਿੱਤੇਗਾ ਪਰ ਸੱਚਾਈ ਇਹ ਹੈ ਕਿ ਪੰਜਾਬ ਕਦੇ ਨਹੀਂ ਹਾਰਿਆ, ਸਗੋਂ ਹਮੇਸ਼ਾ ਜਿੱਤਿਆ ਹੈ ਅਤੇ ਜਿੱਤਦਾ ਰਹੇਗਾ।
WATCH LIVE TV