MP Manish Tewari: ਕੇਂਦਰ ਸਰਕਾਰ ਨੂੰ ਪੰਜਾਬ ਦਾ ਕਰਜ਼ਾ ਮਾਫ਼ ਕਰਨਾ ਚਾਹੀਦਾ-ਐਮਪੀ ਮਨੀਸ਼ ਤਿਵਾੜੀ
MP Manish Tewari: ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਪੁੱਜੇ।
MP Manish Tewari (ਬਿਮਲ ਸ਼ਰਮਾ): ਚੰਡੀਗੜ੍ਹ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅੱਜ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਉੱਥੇ ਹੀ ਉਹ ਮਾਤਾ ਨੈਣਾ ਦੇਵੀ ਦੇ ਮੰਦਿਰ ਵੀ ਨਤਮਸਤਕ ਹੋਣ ਲਈ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਦੇਖਦਿਆਂ ਇੱਕ ਵਾਰ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਮੁੱਚੇ ਕਰਜ਼ੇ ਨੂੰ ਮਾਫ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੁਬਾਰਾ ਆਪਣੇ ਪੈਰਾਂ ਉਤੇ ਖੜ੍ਹਾ ਹੋ ਸਕੇ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਉੱਪਰ ਈਡੀ ਦੀ ਕਾਰਵਾਈ ਬਾਰੇ ਬੋਲਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਬਿਲਕੁਲ ਰਾਜਨੀਤੀ ਤੋਂ ਪ੍ਰੇਰਿਤ ਹੈ। ਤਿਵਾੜੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਸਰਹੱਦੀ ਸੂਬਾ ਦੇਖਦਿਆਂ ਇੱਕ ਵਾਰ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਮੁੱਚੇ ਕਰਜੇ ਨੂੰ ਮਾਫ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੁਬਾਰਾ ਆਪਣੇ ਪੈਰਾਂ ਉਤੇ ਖੜ੍ਹਾ ਹੋ ਸਕੇ।
ਉਨ੍ਹਾਂ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਆਪਣੀ ਤੀਜੀ ਟਰਮ ਵਿੱਚ ਪੇਸ਼ ਕੀਤੇ ਗਏ ਪਹਿਲੇ ਬਜਟ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸਿਰਫ਼ ਆਪਣੇ ਦੋ ਅਲਾਇੰਸ ਪਾਰਟੀਆਂ ਨੂੰ ਖੁਸ਼ ਕਰਨ ਲਈ ਤੇ ਉਨ੍ਹਾਂ ਦੇ ਸੂਬਿਆਂ ਨੂੰ ਪੈਕੇਜ ਦੇਣ ਦੇ ਲਈ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਦੇ ਸੂਬਿਆਂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਲਈ ਬਜਟ ਵਿੱਚ ਕੁਝ ਨਹੀਂ ਦਿੱਤਾ ਗਿਆ।
ਅੱਜ ਚੰਡੀਗੜ੍ਹ ਵਿਖੇ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਾਸੀਆਂ ਨੂੰ 24 ਘੰਟੇ ਪਾਣੀ ਦੇਣ ਦੇ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਜੇਕਰ ਇਸ ਪ੍ਰੋਜੈਕਟ ਰਾਹੀਂ ਲੋਕਾਂ ਨੂੰ 24 ਘੰਟੇ ਪਾਣੀ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਉਹ ਇਲਾਕੇ ਵੀ ਹਨ ਜਿੱਥੇ ਸਿਰਫ਼ ਦੋ ਘੰਟੇ ਹੀ ਪਾਣੀ ਆਉਂਦਾ ਹੈ ਸੋ ਕਾਮਨਾ ਕਰਦੇ ਹਨ ਕਿ ਇਹ ਪ੍ਰੋਜੈਕਟ ਸਫਲ ਹੋਵੇ ਅਤੇ ਲੋਕਾਂ ਦੀ ਪਾਣੀ ਦੀ ਸਮੱਸਿਆ ਸਦਾ ਲਈ ਖਤਮ ਹੋਵੇ।
1999 ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਿਲਟਰੀ ਰਿਕਰੂਟਮੈਂਟ ਸੈਂਟਰ ਬਣਾਉਣ ਲਈ ਪਹਿਲ ਕਦਮੀ ਕੀਤੀ ਗਈ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਇੱਥੋਂ ਇਸ ਪ੍ਰੋਜੈਕਟ ਨੂੰ ਤਬਦੀਲ ਕਰਕੇ ਕਿਸੇ ਹੋਰ ਸੂਬੇ ਵਿੱਚ ਲਿਜਾਇਆ ਗਿਆ ਜਿਸ ਬਾਰੇ ਬੋਲਦਿਆਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਦੇ ਨਾਲ ਉਨ੍ਹਾਂ ਦੀ ਭਾਵਨਾਤਮਕ ਸਾਂਝ ਹੈ ਅਤੇ ਉਹ ਇਸ ਰਿਕਰੂਟਮੈਂਟ ਸੈਂਟਰ ਤੇ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਲਗਾਤਾਰ ਆਵਾਜ਼ ਚੁੱਕਦੇ ਹਨ ਤੇ ਆਵਾਜ਼ ਚੁੱਕਦੇ ਰਹਿਣਗੇ।
ਸੂਬੇ ਅੰਦਰ ਹੋਈਆਂ ਬੇਅਦਬੀਆਂ ਬਾਰੇ ਸਵਾਲ ਦੇ ਜਵਾਬ ਵਿੱਚ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਤੋਂ ਹੀ ਮੰਨਣਾ ਰਿਹਾ ਕਿ ਬਹੁਤ ਮਾੜੀਆਂ ਘਟਨਾਵਾਂ ਸਨ ਅਤੇ ਉਨ੍ਹਾਂ ਘਟਨਾਵਾਂ ਦੇ ਪਿੱਛੇ ਅਸਲ ਮੁਲਜ਼ਮ ਨੂੰ ਜਲਦ ਤੋਂ ਜਲਦ ਸਜ਼ਾ ਮਿਲਣੀ ਚਾਹੀਦੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਦੇਸ਼ ਜਾਣ ਲਈ ਵੀਜ਼ਾ ਨਾ ਮਿਲਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਤਿਵਾੜੀ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸੂਬੇ ਦਾ ਮੁੱਖ ਮੰਤਰੀ ਹੋਵੇ ਤੇ ਜੇਕਰ ਉਹ ਓਲੰਪਿਕ ਦੇਖਣ ਜਾਂ ਕਿਸੇ ਹੋਰ ਕੰਮ ਬਾਹਰ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਵੀਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਪੱਧਰ ਉਤੇ ਆ ਕੇ ਰਾਜਨੀਤੀ ਕਰਨੀ ਬੇਹੱਦ ਮਾੜੀ ਗੱਲ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਉੱਪਰ ਈਡੀ ਦੀ ਕਾਰਵਾਈ ਬਾਰੇ ਬੋਲਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਬਿਲਕੁਲ ਰਾਜਨੀਤੀ ਤੋਂ ਪ੍ਰੇਰਿਤ ਹੈ ਉਨ੍ਹਾਂ ਨੇ ਕਿਹਾ ਕਿ ਭਾਰਤ ਭੂਸ਼ਣ ਸਦਾ ਹੀ ਕਹਿੰਦੇ ਰਹੇ ਕਿ ਉਹਨਾਂ ਦਾ ਅਜਿਹੇ ਕਿਸੇ ਮਾਮਲੇ ਵਿੱਚ ਕੋਈ ਲੈਣਾ ਦੇਣਾ ਨਹੀਂ ਹੈ ਤੇ ਉਹਨਾਂ ਨੂੰ ਪੂਰਨ ਆਸ ਹੈ ਕਿ ਉਨ੍ਹਾਂ ਦੀ ਗੱਲ ਕਚਹਿਰੀ ਵਿੱਚ ਸਹੀ ਤਰੀਕੇ ਨਾਲ ਸੁਣੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਇਨਸਾਫ ਮਿਲੇਗਾ।
ਸ੍ਰੀ ਅਨੰਦਪੁਰ ਸਾਹਿਬ ਅਤੇ ਪੰਜਾਬ ਵਿੱਚ ਹੋਰ ਹੀ ਨਾਜਾਇਜ਼ ਮਾਈਨਿੰਗ ਬਾਰੇ ਬੋਲਦਿਆਂ ਕਿਹਾ ਕਿ ਇਹ ਇਲਾਕੇ ਦੀ ਸੋਸ਼ਲ ਇਕਨੋਮਿਕ ਸਮੱਸਿਆ ਹੈ, ਇੱਥੇ ਲੋਕਾਂ ਕੋਲ ਲੈਂਡ ਹੋਲਡਿੰਗ ਘੱਟ ਹੈ। ਪ੍ਰੰਤੂ ਜਿਹੜੇ ਮਾਈਨਿੰਗ ਕਰਨ ਵਾਲੇ ਕਿੰਗ ਪਿਨ ਹਨ ਉਹ ਨਾਜਾਇਜ਼ ਮਾਈਨਿੰਗ ਕਰਦੇ ਹਨ ਤੇ ਉਨ੍ਹਾਂ ਉਤੇ ਕੋਈ ਕਾਰਵਾਈ ਨਹੀਂ ਹੁੰਦੀ ਪਰ ਜੇ ਕੋਈ ਆਪਣਾ ਇੱਕ ਕੋਠਾ ਪਾਉਣ ਦੇ ਲਈ ਜੇਕਰ ਇੱਕ ਟਰਾਲੀ ਜਾਂ ਇੱਕ ਟਰੱਕ ਮਾਈਨਿੰਗ ਕਰ ਲੈਂਦਾ ਹੈ ਤਾਂ ਉਸਦੇ ਉੱਪਰ ਪਰਚਾ ਦਿੱਤਾ ਜਾਂਦਾ ਹੈ ਜੋ ਕਿ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਖਾਸ ਤੌਰ ਉਤੇ ਹਿਮਾਚਲ ਦੇ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਵੱਲ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਲਾਕਾ ਹਮੇਸ਼ਾ ਤੋਂ ਅਣਗੌਲਿਆ ਰਿਹਾ ਹੈ।
ਇਹ ਵੀ ਪੜ੍ਹੋ : Punjab News: ਪੁੱਡਾ ਦੇ ਚੀਫ ਇੰਜੀਨੀਅਰ ਨੂੰ ਐਕਸਟੈਂਸ਼ਨ ਦੇਣ ਉਤੇ ਖੜ੍ਹੇ ਹੋਏ ਸਵਾਲ