ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸ਼ਹੀਦ ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ ਗਈਆਂ, ਜਿਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ।


COMMERCIAL BREAK
SCROLL TO CONTINUE READING

ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ।


ਉਨ੍ਹਾਂ ਆਖਿਆ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਸਿੱਖਾਂ ਵਿਰੁੱਧ ਤਤਕਾਲੀ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਸ਼ਹੀਦੀ ਦੇ ਕੇ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਗੁਰੂ ਬਖ਼ਸ਼ਿਸ ਬਿਨਾ ਸੰਭਵ ਨਹੀਂ ਹੁੰਦਾ ਅਤੇ ਜਦੋਂ-ਜਦੋਂ ਵੀ ਕੌਮ ’ਤੇ ਜ਼ੁਲਮ ਹੋਏ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ।


ਐਡਵੋਕੇਟ ਧਾਮੀ ਨੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ।