Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Punjab News: ਪੰਜਾਬ ਸਰਕਾਰ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਅੱਜ ਵੱਖ ਵੱਖ ਵਿਭਾਗਾਂ ਵਿਚੋਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
Punjab News: ਪੰਜਾਬ ਸਰਕਾਰ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਅੱਜ ਵੱਖ ਵੱਖ ਵਿਭਾਗਾਂ ਵਿਚੋਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਇਮਾਨਦਾਰੀ ਤੇ ਮਿਹਨਤ ਨਾਲ ਡਿਊਟੀ ਕਰਨ ਦੀ ਪ੍ਰੇਰਨਾ ਦਿੱਤੀ। ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਪਹੁੰਚੇ।
ਸੀਐਮ ਮਾਨ ਨੇ ਦੱਸਿਆ ਕਿ ਅੱਜ ਉਹ 596 ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਸਨ ਪਰ 13 ਦਾ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਪਰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ 13 ਉਮੀਦਵਾਰ ਦੀ ਲੜਾਈ ਅਦਾਲਤ ਵਿੱਚ ਲੜੇਗੀ। ਸੀਐਮ ਮਾਨ ਨੇ ਕਿਹਾ ਕਿ 13 ਉਮੀਦਵਾਰ ਖੁਦ ਬੇਰੁਜ਼ਗਾਰ ਹਨ, ਅਜਿਹੇ 'ਚ ਉਹ ਆਪਣਾ ਕੇਸ ਕਿਵੇਂ ਲੜ ਸਕਦੇ ਹਨ। ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ, ਇਸ ਲਈ ਪੰਜਾਬ ਸਰਕਾਰ ਉਨ੍ਹਾਂ ਲਈ ਲੜੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਅਤੇ ਐਕਸਾਈਜ਼ ਵਿਭਾਗ ਵਿੱਚ ਨਵਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਦੱਸ ਦੇਈਏ ਕਿ ਐਕਸਾਈਜ਼ ਵਿਭਾਗ ਵਿੱਚ 100 ਨਵੇਂ ਇੰਸਪੈਕਟਰ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 37600 ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ। ਇਹ ਸਿਰਫ਼ ਡੇਢ ਸਾਲ ਵਿੱਚ ਹੀ ਸੰਭਵ ਹੋ ਸਕਿਆ ਹੈ।
ਇਸ ਦੌਰਾਨ ਸੀਐਮ ਮਾਨ ਨੇ ਇੱਕ ਵਾਰ ਫਿਰ 1 ਨਵੰਬਰ ਨੂੰ ਸੱਦੀ ਗਈ ਖੁੱਲ੍ਹੀ ਬਹਿਸ ਦਾ ਮੁੱਦਾ ਉਠਾਇਆ। ਉਸ ਨੇ ਕਿਹਾ ਕਿ ਮੈਂ 1 ਨਵੰਬਰ ਨੂੰ ਜਵਾਬ ਲੈਣਾ ਚਾਹੁੰਦਾ ਸੀ ਕਿ 1965 ਤੋਂ ਹੁਣ ਤੱਕ ਕੀ ਹੋਇਆ। ਪਹਿਲਾਂ ਤਾਂ ਉਹ ਕਹਿੰਦਾ ਰਿਹਾ ਕਿ ਉਹ ਆਵੇਗਾ। ਆਖਰੀ ਦਿਨ ਕੁਰਸੀਆਂ ਖਾਲੀ ਰਹੀਆਂ। ਹੁਣ ਉਹ ਕਹਿੰਦੇ ਹਨ ਕਿ ਇਹ ਹੋ ਗਿਆ, ਇਹ ਹੋ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁੱਖ ਮੰਤਰੀ ਕੁੰਡਾ ਲਾ ਕੇ ਬੈਠ ਗਏ, ਅਫ਼ਸਰਾਂ ਨੇ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕਾਂ ਨੂੰ ਕੀਤੀ ਮਿਹਨਤ ਦਾ ਕੋਈ ਫ਼ਾਇਦਾ ਨਹੀਂ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਤਾਂ ਜਨਤਾ ਨੂੰ ਸਭ ਕੁੱਝ ਦੱਸਾਂਗਾ ਕਿ ਸਿਆਸੀ ਆਗੂ ਉਨ੍ਹਾਂ ਨਾਲ ਕਰ ਕਰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਨੇ 200 ਰੁਪਏ ਸਿਲੰਡਰ ਸਸਤਾ ਕਰਕੇ ਲੋਕਾਂ ਨੂੰ ਲਾਲੀਪਾਪ ਦਿੱਤਾ ਹੈ ਪਰ ਇਹ ਨਹੀਂ ਦੱਸਿਆ ਕਿ ਸਿਲੰਡਰ ਕਿੰਨਾ ਮਹਿੰਗਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਂ ਤਾਂ ਜਨਤਾ ਨੂੰ ਇਹ ਗੱਲ ਦੱਸਾਂਗਾ ਕਿ ਸਿਆਸੀ ਆਗੂ ਲੋਕਾਂ ਨਾਲ ਕੀ ਕਰਦੇ ਹਨ।
ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ।
ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ।
ਇਹ ਵੀ ਪੜ੍ਹੋ : Bathinda Crime: ਕੋਠੇ 'ਤੇ ਚੜ੍ਹ ਕੇ ਕੀਤੀ ਅੰਨ੍ਹੇਵਾਹ ਫਾਇਰਿੰਗ 'ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ; ਹਮਲਾਵਰ ਨੇ ਵੀ ਕੀਤੀ ਖ਼ੁਦਕੁਸ਼ੀ
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Ludhiana News: ਲੁਧਿਆਣਾ 'ਚ ਚੋਰੀ ਹੋਇਆ ਬੱਚਾ ਮਿਲਿਆ, ਪੁਲਿਸ ਨੇ 14 ਘੰਟਿਆਂ 'ਚ ਸੁਲਝਾਇਆ ਮਾਮਲਾ