CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿੱਚ ਅੱਤਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਬਹਾਦਰ ਜਵਾਨ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਪਿੰਡ ਬਲੱਮਗੜ੍ਹ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਸੈਨਿਕ ਪ੍ਰਦੀਪ ਸਿੰਘ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੰਜਾਬ ਦੇ ਬਹਾਦਰ ਜਵਾਨ ਪ੍ਰਦੀਪ ਸਿੰਘ ਵਾਸੀ ਬਲਮਗੜ੍ਹ ਜ਼ਿਲ੍ਹਾ ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।


ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।


ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।


ਪਿੰਡ ਵਾਸੀ ਹਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਦਾ ਸਭ ਤੋਂ ਪਹਿਲਾਂ ਪ੍ਰਦੀਪ ਸਿੰਘ ਫੌਜੀ ਸੀ ਜੋ ਫੌਜ ਵਿੱਚ ਭਰਤੀ ਹੋਇਆ ਸੀ ਜੋ ਪਿਛਲੇ ਦਿਨੀਂ ਅਨੰਤਨਾਗ ਵਿੱਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋ ਗਏ। ਜਿਨ੍ਹਾਂ ਦੀ ਯਾਦ ਵਿੱਚ ਰੋਡ ਬਣਾਈ ਜਾਵੇ, ਸਕੂਲ ਨੂੰ ਅਪਗ੍ਰੇਡ ਕਰਕੇ ਸ਼ਹੀਦ ਨਾਮ ਉਤੇ ਰੱਖਿਆ ਜਾਵੇ।


ਇਹ ਵੀ ਪੜ੍ਹੋ : Canada News: 'ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ-ਕੈਨੇਡੀਅਨਾਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਕਿਹਾ', ਕੈਨੇਡੀਅਨ ਐਮਪੀ ਚੰਦਰ ਆਰੀਆ ਦਾ ਬਿਆਨ


ਪਾਤੜਾਂ ਤੋਂ ਸਤਪਾਲ ਗਰਗ ਦੀ ਰਿਪੋਰਟ