Punjab Flood News: ਮੁੱਖ ਮੰਤਰੀ ਨੇ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Punjab Flood News: ਹੁਸ਼ਿਆਰਪੁਰ ਵਿੱਚ ਹੜ੍ਹ ਦੇ ਬਣੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਿਸ਼ਤੀ ਰਾਹੀਂ ਪੁੱਜੇ।
Punjab Flood News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨਡੀਆਰਐਫ ਦੇ ਜਵਾਨਾਂ ਨਾਲ ਕਿਸ਼ਤੀ ਵਿੱਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ, ਮੋਤਲਾ ਤੇ ਕੋਲੀਆ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Moga News: ਚਿੱਟੇ ਦੀ ਲਤ 'ਚ ਧਸੀਆਂ ਲੜਕੀਆਂ ਨਸ਼ੇ ਦੀ ਪੂਰਤੀ ਲਈ ਦੇਹ ਵਪਾਰ ਦਾ ਧੰਦਾ ਅਪਣਾਉਣ ਲਈ ਮਜਬੂਰ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।
ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ