CM Bhagwant mann: ਸ਼ਨਿੱਚਰਵਾਰ ਨੂੰ ਪੰਜਾਬੀ ਯੂਨੀਵਰਸਿਟੀ ਦਾ 62ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਪੁੱਜੇ।
Trending Photos
CM Bhagwant mann: ਮੁੱਖ ਮੰਤਰੀ ਭਗਵੰਤ ਮਾਨ ਸ਼ਨਿੱਚਰਵਾਰ ਨੂੰ ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਲਈ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਕਿਸੇ ਵੀ ਸੂਰਤ ਵਿੱਚ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।
ਸੀਐਮ ਮਾਨ ਨੇ ਕਿਹਾ ਕਿ ਇਹ ਹਾਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਤਾਂ ਜੋ ਇੱਥੇ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਮਾਨ ਨੇ ਸਾਰਿਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ ਬੋਲੀ ਦਾ ਮਾਣ ਹੈ। ਇਸ ਨੂੰ ਮਾਲਵੇ ਦਾ ਦਿਲ ਵੀ ਕਿਹਾ ਜਾਂਦਾ ਹੈ, ਜਿਸ ਨੇ ਸਾਹਿਤ, ਕਲਾ, ਵਪਾਰ, ਸਮਾਜ ਸੇਵਾ, ਰਾਜਨੀਤੀ ਤੇ ਧਰਮ ਦੇ ਸਾਰੇ ਖੇਤਰਾਂ ਵਿੱਚ ਨਾਮਵਰ ਸ਼ਖ਼ਸੀਅਤਾਂ ਦਿੱਤੀਆਂ ਹਨ।
ਇਸ ਸਾਲ ਦੇ ਬਜਟ ਵਿੱਚ ਉਨ੍ਹਾਂ ਦੀ ਸਰਕਾਰ ਨੇ 'ਵਰਸਿਟੀ ਨੂੰ ਹਰ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਵਿੱਤੀ ਔਕੜਾਂ ਤੋਂ ਮੁਕਤ ਹੋ ਕੇ ਇਹ 'ਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਨ ਦੇ ਯੋਗ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਪੀਯੂ ਵੀਸੀ ਪ੍ਰੋਫੈਸਰ ਅਰਵਿੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਇਸ ਮੌਕੇ ਮਾਨ ਨੇ ਪੀਯੂ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਨਵਾਂ ਸੋਚਣ ਅਤੇ ਜ਼ਿੰਦਗੀ ਦੇ ਨਵੇਂ ਰਾਹਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਸ ਨੇ ਇਸ ਯੂਨੀਵਰਸਿਟੀ ਤੋਂ ਕਲਾ ਦੇ ਖੇਤਰ ਵਿੱਚ ਕਦਮ ਰੱਖਿਆ ਸੀ। ਇਸ ਮੌਕੇ ਮਾਨ ਨੇ ਨੌਜਵਾਨਾਂ ਨੂੰ ਰੋਲ ਮਾਡਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਵਾਲੇ ਹੀ ਦੂਜਿਆਂ ਲਈ ਪ੍ਰੇਰਨਾ ਸਰੋਤ ਬਣਦੇ ਹਨ।
ਵੀਸੀ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਸਰਕਾਰ ਨੇ ਹਰ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਕੇ ਪੀਯੂ ਦੀ ਕਮਜ਼ੋਰ ਹੋ ਰਹੀ ਨੀਂਹ ਨੂੰ ਮੁੜ ਮਜ਼ਬੂਤ ਕੀਤਾ ਹੈ। ਹੁਣ ਪੀਯੂ ਵਿੱਚ ਸਾਰੀਆਂ ਜਮਾਤਾਂ ਦਾ ਫਰਜ਼ ਬਣਦਾ ਹੈ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ।
ਇਸ ਮੌਕੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਵੀਸੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਸ਼ੁਰੂ ਕੀਤਾ ਗਿਆ ਅਤੇ ਦੋ ਵਿਸ਼ੇਸ਼ ਕੇਂਦਰ ਸਥਾਪਿਤ ਕੀਤੇ ਗਏ, ਇਸ ਤੋਂ ਇਲਾਵਾ 14 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਰਿਲੀਜ਼ ਕੀਤੀਆਂ।
ਇਹ ਵੀ ਪੜ੍ਹੋ : Punjab News: ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰ ਕੀਤਾ ਇਹ ਕਾਰਾ... ਜਾਣੋ ਪੂਰਾ ਮਾਮਲਾ