ਚੰਡੀਗੜ੍ਹ: ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਬੀਤੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵਲੋਂ ਉਨ੍ਹਾਂ ਨਾਲ ਕੀਤੇ ਗਏ ਮਾੜੇ ਵਰਤੀਰੇ ਕਾਰਨ ਉਨ੍ਹਾਂ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 


COMMERCIAL BREAK
SCROLL TO CONTINUE READING


ਮੁੱਖ ਮੰਤਰੀ ਵਲੋਂ VC ਦਾ ਅਸਤੀਫ਼ਾ ਪ੍ਰਵਾਨ ਨਾ ਕੀਤੇ ਜਾਣ ਦੇ ਨਿਰਦੇਸ਼
ਇਸ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਸਿਹਤ ਮੰਤਰੀ ਵਲੋਂ ਖ਼ੁਦ ਮੁਆਫ਼ੀ ਮੰਗੀ ਹੈ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰ ਦਾ ਅਸਤੀਫ਼ਾ ਪ੍ਰਵਾਨ ਨਾ ਕੀਤੇ ਜਾਣ ਲਈ ਸਬੰਧਤ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਸਰਕਾਰ ਵਲੋਂ ਸਥਿਤੀ ਨੂੰ ਸੰਭਾਲਦਿਆਂ ਹੋਇਆਂ ਸੁਲਝਾਉਣ ਦੇ ਯਤਨ ਕੀਤੇ ਜਾ ਰਹੇ ਹਨ। 



ਅਸਤੀਫ਼ੇ ’ਤੇ ਫ਼ੈਸਲਾ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਵਾਂਗਾ: ਡਾ. ਰਾਜ ਬਹਾਦੁਰ  
ਉੱਧਰ ਇਸ ਮਾਮਲੇ ’ਤੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਇੱਕ ਨਿੱਜੀ ਮੀਡੀਆ ਅਦਾਰੇ ਨਾਲ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਨੇ ਸਿਹਤ ਮੰਤਰੀ ਦੇ ਗਲਤ ਵਿਵਹਾਰ ਲਈ ਮੁਆਫ਼ੀ ਮੰਗੀ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ’ਤੇ ਵਿਚਾਰ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ’ਤੇ ਮੁੱਖ ਮੰਤਰੀ ਨਾਲ ਮੀਟਿੰਗ ਹੋਣ ਦੇ ਆਸਾਰ ਹਨ ਤੇ ਮੀਟਿੰਗ ਤੋਂ ਬਾਅਦ ਹੀ ਆਖ਼ਰੀ ਫ਼ੈਸਲਾ ਲਿਆ ਜਾਵੇਗਾ। 



ਸੋਸ਼ਲ ਮੀਡੀਆ ’ਤੇ ਛਾਇਆ VC ਰਾਜ ਬਹਾਦੁਰ ਦਾ ਮੁੱਦਾ
ਸਿਹਤ ਮੰਤਰੀ ਜੌੜਾਮਾਜਰਾ ਵਲੋਂ ਵਾਈਸ ਚਾਂਸਲਰ ਨਾਲ ਕੀਤੇ ਗਏ ਗਲਤ ਵਿਵਹਾਰ ਦੀ ਸੋਸ਼ਲ ਮੀਡੀਆ ’ਤੇ ਖ਼ੂਬ ਅਲੋਚਨਾ ਹੋ ਰਹੀ ਹੈ। ਵਿਰੋਧੀ ਧਿਰਾਂ ਵੀ VC ਰਾਜ ਬਹਾਦੁਰ ਦਾ ਪੱਖ ਪੂਰ ਰਹੀਆਂ ਹਨ ਤੇ ਸਿਹਤ ਮੰਤਰੀ ਦੁਆਰਾ ਅਸਤੀਫ਼ਾ ਦੇਣ ਦੀ ਮੰਗ ਕਰ ਰਹੀਆਂ ਹਨ। ਇਸ ਮਾਮਲੇ ’ਚ ਜਿੱਥੇ ਇੰਡੀਅਨ ਮੈਡੀਕਲ ਐਸੋਸ਼ੀਏਸ਼ਨ(IMA)  ਅਤੇ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਨੇ VC ਦਾ ਸਮਰਥਨ ਕੀਤਾ ਹੈ, ਉੱਥੇ ਹੀ ਸਿਹਤ ਮੰਤਰੀ ਜੌੜੇਮਾਜਰਾ ਦੇ ਵਿਵਹਾਰ ਦੀ ਕੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ।