Guru Tegh BahadurJi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।


COMMERCIAL BREAK
SCROLL TO CONTINUE READING

ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਸਰਬ ਸਾਂਝੀਵਾਲਤਾ, ਬਹਾਦਰੀ, ਹੱਕ-ਸੱਚ ਲਈ ਆਵਾਜ਼ ਉਠਾਉਣ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਸੱਚੀ ਭਾਵਨਾ ਨਾਲ ਚੱਲੀਏ ਅਤੇ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ।


ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।