Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ `ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦ
Saheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
Saheed Bhagat Singh Birthday: ਦੁਨੀਆ ਭਰ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਵਿਸ਼ਵ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਵਧਾਈਆਂ ਦੇ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਕਰਦੇ ਹੋਏ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਸਲਾਮ ਕਰਦਾ ਹਾਂ... ਉਨ੍ਹਾਂ ਦੀ ਮਹਾਨ ਕੁਰਬਾਨੀ ਅਤੇ ਉਨ੍ਹਾਂ ਦੁਆਰਾ ਦਰਸਾਏ ਆਦਰਸ਼ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ‘ਇਨਕਲਾਬ ਮਹਾਉਤਸਵ’ ਮਨਾਇਆ ਜਾਵੇਗਾ। ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਨਾਟਕ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਬੱਚਿਆਂ ਲਈ ਖਾਣ-ਪੀਣ ਦੇ ਸਟਾਲ ਅਤੇ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਕਿਸ਼ਨ ਸਿੰਘ ਦੇ ਘਰ ਮਾਤਾ ਵਿਦਿਆਵਤੀ ਦੀ ਕੁੱਖੋਂ ਹੋਇਆ। ਸ਼ਹੀਦ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਦੀ ਸੋਚ ਅੱਜ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ। ਉਹ ਭਾਰਤ ਦੇ ਪ੍ਰਮੁੱਖ ਆਜ਼ਾਦੀ ਸੰਗਰਾਮੀਏ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਬਣੇ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਕ੍ਰਾਂਤੀਕਾਰੀ ਸੰਗਠਨ ਨਾਲ ਜੁੜੇ। 1927 'ਚ ਕਾਕੋਰੀ ਰੇਲਗੱਡੀ ਡਾਕੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਦੋਸ਼ ਵੀ ਮੜ੍ਹਿਆ ਗਿਆ। ਚੰਗੇ ਵਿਹਾਰ ਉਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ।
ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਰਾਜਗੁਰੂ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰਿਆ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੰਬਲੀ ਦੇ ਸਭਾ ਹਾਲ 'ਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਉਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਤੋਂ ਬਾਅਦ ਉਥੇ ਹੀ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ। 23 ਮਾਰਚ 1931 ਨੂੰ ਭਗਤ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ ਦੇ ਦਿੱਤੀ ਗਈ ਸੀ।