ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ।


COMMERCIAL BREAK
SCROLL TO CONTINUE READING

 



ਇੱਕ ਕਲਿੱਕ ਨਾਲ ਜਮ੍ਹਾ ਹੋ ਜਾਣਗੀਆਂ ਅਰਜ਼ੀਆਂ
ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਸੂਬੇ ਦੇ ਵਸਨੀਕਾਂ ਦੀ ਸਹੂਲਤ ਲਈ ਇਕ ਕ੍ਰਾਂਤੀਕਾਰੀ ਫੈਸਲਾ ਦੱਸਿਆ, ਜਿਸ ਨਾਲ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। 



 



ਪਟਵਾਰੀ ਅਤੇ ਸਬੰਧਤ ਧਿਰਾਂ ਨੂੰ ਇੰਤਕਾਲ ਮੌਕੇ ਰਹਿਣਾ ਹੋਵੇਗਾ ਹਾਜ਼ਰ 
ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖ਼ਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਸੌਂਪਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ `ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ `ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। 



ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਲਈ ਵੀ ਲਾਹੇਵੰਦ 
ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲ ਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੁਖਾਲੇ ਢੰਗ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਸਹਾਈ ਸਿੱਧ ਹੋਵੇਗੀ।


ਜਾਣੋ, Zee ਪੰਜਾਬ, ਹਰਿਆਣਾ ਹਿਮਾਚਲ ’ਤੇ ਖ਼ਬਰ ਵਿਸਥਾਰ ਨਾਲ