CM ਮਾਨ ਨੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੂਬੇ ਦੇ ਪੁਲਿਸ ਵਿਭਾਗ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਨ ਦੀ ਜ਼ਰੂਰਤ ਹੈ, ਜਿਸ ਲਈ ਪੰਜਾਬ ਨੇ ਕੇਂਦਰ ਪਾਸੋਂ ਸਹਿਯੋਗ ਦੀ ਮੰਗ ਕੀਤੀ ਹੈ।
CM Mann meeting with Amit Shah: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ’ਤੇ ਵਸਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਗ੍ਰਹਿ ਮੰਤਰੀ ਸ਼ਾਹ ਕੋਲ ਉਠਾਇਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ CM ਮਾਨ ਨੇ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ ਕੀਤੀ ਸੀ, ਉਸ ਦੌਰਾਨ ਕੌਮੀ ਸੁਰੱਖਿਆ ਮਾਮਲੇ ’ਚ ਦੋਹਾਂ ਆਗੂਆਂ ਵਿਚਾਲੇ ਗੱਲਬਾਤ ਹੋਈ ਸੀ।
ਬੀ. ਐੱਸ. ਐੱਫ਼ ਦੇ ਜਵਾਨਾਂ ਅਤੇ ਕਿਸਾਨਾਂ ਦਾ ਸਮਾਂ ਹੁੰਦਾ ਹੈ ਖ਼ਰਾਬ
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆ ਦੱਸਿਆ ਕਿ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਨੂੰ ਮੁਲਾਕਾਤ ਕੀਤੀ ਹੈ। ਮਾਨ ਨੇ ਕਿਹਾ ਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨਾਲ ਜੁੜੇ ਮੁੱਦਿਆਂ ਬਾਰੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਹੈ। ਕਿਉਂਕਿ ਸਰਹੱਦ ’ਤੇ ਰਹਿੰਦੇ ਕਿਸਾਨਾਂ ਨੂੰ ਬਾਰਡਰ ਪਾਰ ਕਰਕੇ ਪਾਕਿਸਤਾਨ ਵਾਲੇ ਪਾਸੇ ਖੇਤੀ ਕਰਨ ਜਾਣਾ ਪੈਂਦਾ ਹੈ, ਇਸ ਨਾਲ ਬੀ. ਐੱਸ. ਐੱਫ਼ ਦੇ ਜਵਾਨਾਂ ਅਤੇ ਕਿਸਾਨਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਹੈ।
ਕੇਂਦਰ ਦੇ ਕਹਿਣ ਮੁਤਾਬਕ ਐਕਟ ’ਚ ਕੀਤੀ ਸੋਧ
ਉਨ੍ਹਾਂ ਕਿਹਾ ਕੇ ਕੇਂਦਰੀ ਖ਼ੁਰਾਕ ਮੰਤਰਾਲੇ ਦੀ ਮੰਗ ਸੀ ਕਿ ਪੇਂਡੂ ਵਿਕਾਸ ਐਕਟ, 1987 ’ਚ ਸੋਧ ਕੀਤੀ ਜਾਵੇ। ਪੰਜਾਬ ਸਰਕਾਰ ਨੇ ਕੇਂਦਰ ਦੀ ਮੰਗ ਸਵੀਕਾਰ ਕਰਦਿਆਂ ਐਕਟ ’ਚ ਸੋਧ ਕਰ ਦਿੱਤੀ। ਇਸਦੇ ਬਾਵਜੂਦ ਪੇਂਡੂ ਵਿਕਾਸ ਫ਼ੰਡ ਕਰੀਬ ਦੋ ਸਾਲਾਂ ਤੋਂ ਕੇਂਦਰ ਸਰਕਾਰ ਨੇ ਰੋਕੇ ਹੋਏ ਹਨ।
ਕੇਂਦਰ ਨੂੰ ਪੰਜਾਬ ਪੁਲਿਸ ਦੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ: CM ਮਾਨ
ਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਦੀ ਪੁਲਿਸ ਨੂੰ ਬਾਰਡਰ ’ਤੇ ਹਰ ਰੋਜ਼ ਨਵੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਦੇ ਡਰੋਨਾਂ ਰਾਹੀਂ ਨਸ਼ਾ ਤੇ ਕਦੇ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਭੇਜੇ ਜਾਂਦੇ ਹਨ। ਇਨ੍ਹਾਂ ਦਿਕੱਤਾਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਦੇ ਆਧੁਨਿਕ ਤਕਨੀਕ ਨਾਲ ਲੈਸ ਕਰਨ ਦੀ ਜ਼ਰੂਰਤ ਹੈ, ਜਿਸ ਲਈ ਪੰਜਾਬ ਨੇ ਕੇਂਦਰ ਪਾਸੋਂ ਸਹਿਯੋਗ ਦੀ ਮੰਗ ਕੀਤੀ ਹੈ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਹਾਂ-ਪੱਖੀ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਸਾਡੀਆਂ ਕੁਝ ਮੰਗਾਂ ਮੰਨੀਆਂ ਵੀ ਗਈਆਂ ਹਨ।
ਵੇਖੋ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੀ ਬੋਲੇ CM ਭਗਵੰਤ ਮਾਨ