ਆਮ ਲੋਕ ਬੇਹਾਲ, ਪਨਬੱਸ ਅਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀ 3 ਦਿਨਾਂ ਹੜਤਾਲ
ਕੁਝ ਦਿਨ ਪਹਿਲਾ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਾਈਵੇਟ ਤੇ ਮਿੰਨੀ ਬੱਸ ਮਾਲਕਾਂ ਵੱਲੋਂ ਹੜਤਾਲ ਕੀਤੀ ਗਈ ਸੀ। ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਅਤੇ ਹੁਣ ਆਪਣੀਆਂ ਮੰਗਾਂ ਨੂੰ ਲੈ ਕੇ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ 14,15 ਤੇ 16 ਅਗਸਤ ਨੂੰ ਹੜਤਾਲ ਦਾ ਸੱਦਾ ਦਿੱਤਾ ਗਿਆ। ਜਿਸ ਕਾਰਨ ਆਮ ਲੋਕਾਂ ਨੂੰ ਸਫਰ ਕਰਨ ਨੂੰ ਲੈ ਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਚੰਡੀਗੜ੍ਹ- ਪੰਜਾਬ ‘ਚ ਵਧੇਰੇ ਲੋਕ ਬੱਸਾਂ ਰਾਹੀ ਹੀ ਸਫਰ ਕਰਦੇ ਹਨ। ਜੇਕਰ ਅਗਲੇ 3 ਦਿਨ ਤੁਸੀ ਵੀ ਕਿਤੇ ਬੱਸ ਰਾਹੀ ਸਫਰ ਕਰਨਾ ਤਾਂ ਇਹ ਖਬਰ ਤੁਹਾਡੇ ਲਈ ਹੈ। ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ 3 ਦਿਨ ਦੀ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਮੀਟਿੰਗਾਂ ‘ਚੋਂ ਕੋਈ ਸਿੱਟਾ ਨਾ ਨਿਕਲਣ ਕਾਰਨ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ 14,15 ਤੇ 16 ਅਗਸਤ ਨੂੰ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।
ਕਿਹੜੀਆਂ ਬੱਸਾਂ ਨਹੀ ਚੱਲਣਗੀਆਂ
ਦੱਸਦੇਈਏ ਕਿ ਇਹ ਸਿਰਫ ਪਨਬੱਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਸਿਰਫ ਰੈਗੂਲਰ ਮੁਲਾਜ਼ਮ ਵਾਲੀਆਂ ਬੱਸਾਂ ਹੀ ਚੱਲਣਗੀਆਂ। ਇਸ ਲਈ ਅੱਜ ਪੰਜਾਬ ਦੇ 27 ਡਿਪੂਆਂ ਸਬੰਧਿਤ ਠੇਕਾ ਮੁਲਾਜ਼ਮਾਂ ਵਾਲੀਆਂ ਬੱਸਾਂ ਨਹੀਂ ਚੱਲਣਗੀਆਂ। ਮੁਲਾਜ਼ਮਾਂ ਵੱਲੋਂ ਆਪਣੀਆਂ ਬੱਸਾਂ ਵਰਕਸ਼ਾਪ ਵਿੱਚ ਹੀ ਖੜੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਜਾਵੇਗਾ ਵਿਰੋਧ
ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ। ਲੰਮੇ ਸਮੇਂ ਤੋਂ ਮੰਗਾ ਨਾ ਮੰਨੀਆਂ ਜਾਣ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਸਰਕਾਰ ਵਿਰੁੱਧ ਗੁੱਸਾ ਦਿਖਾਈ ਦੇ ਰਿਹਾ ਹੈ। ਪਰ ਸਰਕਾਰ ਵੱਲੋਂ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸਨੂੰ ਲੈ ਕੇ ਪਨਬੱਸ ਤੇ ਪੀਆਰਟੀਸੀ ਕੰਟਰੈਕਚੁਅਲ ਮੁਲਾਜ਼ਮਾਂ ਵੱਲੋ 14, 15 ਤੇ 16 ਅਗਸਤ ਨੂੰ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਹੋਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 15 ਅਗਸਤ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਝੰਡਾ ਲਹਿਰਾਉਣਗੇ ਉਥੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਵੇਗਾ।
ਪ੍ਰਾਈਵੇਟ ਅਤੇ ਮਿੰਨੀ ਬੱਸਾਂ ਦੀ ਵੀ ਹੜਤਾਲ
ਦੱਸਦੇਈਏ ਕਿ ਇਸ ਤੋਂ ਪਹਿਲਾ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਦਿਨ ਪਹਿਲਾ ਪ੍ਰਾਈਵੇਟ ਅਤੇ ਮਿੰਨੀ ਬੱਸਾਂ ਦੇ ਮਾਲਕਾਂ ਵੱਲੋਂ ਵੀ ਹੜਤਾਲ ਕੀਤੀ ਗਈ ਸੀ। ਉਨ੍ਹਾਂ ਵੱਲੋਂ ਵੀ ਪੰਜਾਬ ਸਰਕਾਰ ਨੂੰ ਚੇਤਵਨੀ ਦਿੱਤੀ ਗਈ ਸੀ,ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸਰਕਾਰ ਵਿਰੁੱਧ ਆਪਣਾ ਸੰਘਰਸ਼ ਤੇਜ਼ ਕਰਨਗੇ।