Congress Protest: ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ `ਚ ਲਿਆ
Congress Protest: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ
Congress Protest: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ।
ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ 'ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ। ਪੁਲਿਸ ਨੇ ਜਲ ਤੋਪਾਂ ਵੀ ਤਾਇਨਾਤ ਕੀਤੀਆਂ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਢ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ 'ਚ ਅੱਜ ਪੰਜਾਬ ਕਾਂਗਰਸ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਲਗਭਗ ਸਾਰੇ ਰਾਜਾਂ ਵਿਚ ਪ੍ਰਦਰਸ਼ਨ ਪਹਿਲਾਂ ਹੀ ਤੈਅ ਹਨ। ਜੇਕਰ ਪੰਜਾਬ ਦੇ ਨੇਤਾਵਾਂ ਦੀ ਗੱਲ ਕਰੀਏ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਹਾਲਾਂਕਿ ਇਸ ਸਬੰਧੀ ਕਾਂਗਰਸ ਪਾਰਟੀ ਦਫ਼ਤਰ ਵੱਲੋਂ ਸਾਰੇ ਆਗੂਆਂ ਨੂੰ ਸੰਦੇਸ਼ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰਿਆਂ ਨੂੰ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਦੌਰਾਨ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਪੁਲਿਸ ਦੇ ਧੱਕੇ ਨਾਲ ਜ਼ਖ਼ਮੀ ਹੋ ਗਏ। ਸਾਬਕਾ ਵਿਧਾਇਕ ਪਰਵਿੰਦਰ ਸਿੰਘ ਪਿੰਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।