ਧਰਮ ਪਰਿਵਰਤਨ ਮਾਮਲਾ, ਦਿੱਲੀ ਧਰਮ ਪ੍ਰਚਾਰ ਕਮੇਟੀ ਨੇ ਕਰਵਾਈ 45 ਪਰਿਵਾਰਾਂ ਦੀ ਘਰ ਵਾਪਸੀ
ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਐਕਸ਼ਨ ਵਿੱਚ ਆਈ। ਜਿਸ ਤੋਂ ਬਾਅਦ ਲਗਾਤਾਰ ਧਰਮ ਪਰਿਵਰਤਨ ਕਰ ਚੁੱਕੇ ਪਰਿਵਾਰਾਂ ਨੂੰ ਘਰ ਵਾਪਸੀ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਸਨ। ਇਸੇ ਤਹਿਤ ਹੀ ਦਿੱਲੀ ਧਰਮ ਪ੍ਰਚਾਰ ਕਮੇਟੀ ਵੱਲੋਂ 45 ਪਰਿਵਾਰਾਂ ਦੀ ਘਰ ਵਾਪਸੀ ਕਰਵਾਈ ਗਈ।
ਚੰਡੀਗੜ੍ਹ- ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮਸਲਾ ਨਵਾਂ ਨਹੀਂ ਹੈ। ਸਮੇਂ-ਸਮੇਂ 'ਤੇ ਇਹ ਮਾਮਲਾ ਉੱਠਦਾ ਰਿਹਾ ਹੈ। ਕੁਝ ਦਿਨ ਪਹਿਲਾ ਅੰਮ੍ਰਿਤਸਰ ਦੇ ਇਲਾਕੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਸਿੱਖ ਤੇ ਈਸਾਈ ਭਾਈਚਾਰੇ ਵਿੱਚ ਤਕਰਾਰ ਵੀ ਹੋਇਆ ਸੀ। ਇਸ ਤੋਂ ਬਾਅਦ ਇਸ ਮੁੱਦੇ 'ਤੇ ਸਿਆਸਤ ਵੀ ਖੂਬ ਹੋਈ। ਸ੍ਰੀ ਅਕਾਲ ਤਖਤ ਸਾਹਿਬ ਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਜ਼ਬਰਨ ਧਰਮ ਪਰਿਵਰਤਨ 'ਤੇ ਸਵਾਲ ਚੁੱਕੇ ਸਨ। ਸਿੱਖ ਧਰਮ ਦੇ ਲੋਕਾਂ ਦਾ ਇਲਜ਼ਾਮ ਸੀ ਕਿ ਈਸਾਈ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਪਿੰਡਾਂ ਵਿੱਚ ਜ਼ਬਰਨ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ।